ਤਾਜਾ ਖਬਰਾਂ
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਬਠਿੰਡਾ ਪੀਆਰਟੀਸੀ (PRTC) ਡਿਪੂ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਕੰਡਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ, ਜੋ ਡਿਪੂ ਵਿੱਚ ਬਤੌਰ ਠੇਕਾ ਮੁਲਾਜ਼ਮ ਤਾਇਨਾਤ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਪੀਆਰਟੀਸੀ ਦੇ ਹੀ ਇੱਕ ਡਰਾਈਵਰ ਸੁਖਰਾਜ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਡਿਪੂ ਦੇ ਕੁਝ ਕਰਮਚਾਰੀ ਉਸ ਨੂੰ ਪਸੰਦੀਦਾ ਰੂਟ ਅਲਾਟ ਕਰਨ ਦੇ ਬਦਲੇ ਤੰਗ-ਪ੍ਰੇਸ਼ਾਨ ਕਰ ਰਹੇ ਸਨ ਅਤੇ ਮੋਟੀ ਰਕਮ ਦੀ ਮੰਗ ਕਰ ਰਹੇ ਸਨ। ਕੰਡਕਟਰ ਨਰਿੰਦਰ ਸਿੰਘ ਨੇ ਸੁਖਰਾਜ ਸਿੰਘ ਤੋਂ 20,000 ਰੁਪਏ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੀੜਤ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ।
ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਜਾਲ ਵਿਛਾਇਆ। ਜਿਵੇਂ ਹੀ ਸੁਖਰਾਜ ਸਿੰਘ ਨੇ ਨਰਿੰਦਰ ਸਿੰਘ ਨੂੰ ਰਿਸ਼ਵਤ ਦੇ ਪੈਸੇ ਫੜਾਏ, ਟੀਮ ਨੇ ਤੁਰੰਤ ਛਾਪਾ ਮਾਰ ਕੇ ਉਸ ਨੂੰ ਰੰਗੇ ਹੱਥੀਂ ਦਬੋਚ ਲਿਆ। ਵਿਜੀਲੈਂਸ ਅਧਿਕਾਰੀਆਂ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਦੇ ਸੂਤਰਾਂ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਡਿਪੂ ਦੇ ਕੁਝ ਹੋਰ ਕਰਮਚਾਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ, ਜੋ ਇਸ ਰਿਸ਼ਵਤਖੋਰੀ ਦੇ ਗਠਜੋੜ ਵਿੱਚ ਸ਼ਾਮਲ ਹੋ ਸਕਦੇ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਸ ਰੈਕੇਟ ਵਿੱਚ ਕੋਈ ਵੱਡਾ ਅਧਿਕਾਰੀ ਵੀ ਸ਼ਾਮਲ ਹੈ।
Get all latest content delivered to your email a few times a month.