ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਖੰਨਾ ਵਿੱਚ ਮਨੁੱਖਤਾ ਦੀ ਮਿਸਾਲ ਮੰਨੇ ਜਾਣ ਵਾਲੇ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਨਮਾਨ ਦੇਣ ਲਈ ਇਕ ਵਿਸ਼ੇਸ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ‘ਭਗਤ ਪੂਰਨ ਸਿੰਘ ਹੈਰੀਟੇਜ ਸਟ੍ਰੀਟ’ ਦੇ ਨਾਂ ‘ਤੇ ਬਣ ਰਹੀ ਇਸ ਯੋਜਨਾ ਦੀ ਨੀਂਹ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਅਮਰਦਾਸ ਮਾਰਕੀਟ ਵਿਖੇ ਰੱਖੀ ਗਈ। ਲਗਭਗ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਸਮਾਜਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਵੀ ਉਭਾਰੇਗਾ।
ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਯੋਜਨਾ ਸਿਰਫ਼ ਇੰਫਰਾਸਟਰਕਚਰ ਦਾ ਵਿਕਾਸ ਨਹੀਂ, ਸਗੋਂ ਸੇਵਾ ਅਤੇ ਦਇਆ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਇਕ ਵੱਡਾ ਕਦਮ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਰਕਾਰ ਖੰਨਾ ਨੂੰ ਨਵੀਂ ਪਛਾਣ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਭਗਤ ਪੂਰਨ ਸਿੰਘ ਦਾ ਜਨਮ ਖੰਨਾ ਨੇੜਲੇ ਪਿੰਡ ਰਾਜੇਵਾਲ ਵਿੱਚ ਹੋਇਆ ਸੀ ਅਤੇ ਉਹਨਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਹੀ। ਉਨ੍ਹਾਂ ਨੂੰ ਪਦਮ ਸ਼੍ਰੀ ਵਰਗੇ ਉੱਚੇ ਸਨਮਾਨ ਨਾਲ ਵੀ ਨਿਵਾਜਿਆ ਗਿਆ ਸੀ। ਇਸ ਹੈਰੀਟੇਜ ਸਟ੍ਰੀਟ ਰਾਹੀਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਸੇਵਾ ਭਾਵਨਾ ਬਾਰੇ ਜਾਣਕਾਰੀ ਮਿਲੇਗੀ।
ਸਰਕਾਰ ਦੇ ਅਨੁਸਾਰ, ਇਹ ਪ੍ਰੋਜੈਕਟ ਕਰੀਬ 6 ਮਹੀਨਿਆਂ ਵਿੱਚ ਤਿਆਰ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵੱਡਾ ਸੁਧਾਰ ਆਵੇਗਾ। ਨਾਲ ਹੀ ਸੈਰ-ਸਪਾਟੇ ਨੂੰ ਪ੍ਰੋਤਸਾਹਨ ਮਿਲੇਗਾ, ਸਥਾਨਕ ਵਪਾਰ ਵਿੱਚ ਵਾਧਾ ਹੋਵੇਗਾ ਅਤੇ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਯੋਜਨਾ ਖੰਨਾ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸ਼ਾਮਲ ਕਰਨ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਵੇਖੀ ਜਾ ਰਹੀ ਹੈ, ਜਿੱਥੇ ਵਿਕਾਸ ਦੇ ਨਾਲ-ਨਾਲ ਮਹਾਨ ਵਿਅਕਤੀਆਂ ਦੀ ਯਾਦ ਨੂੰ ਵੀ ਸਾਂਭਿਆ ਜਾ ਰਿਹਾ ਹੈ।
Get all latest content delivered to your email a few times a month.