ਤਾਜਾ ਖਬਰਾਂ
ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਅਵਾਣ ਦੀ ਮੁੱਖ ਅਨਾਜ ਮੰਡੀ ਵਿੱਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਸ਼ੈੱਡ ਹੇਠਾਂ ਫੜ੍ਹ ਲਗਾਉਣ ਦੇ ਮਾਮਲੇ ਨੂੰ ਲੈ ਕੇ ਆੜ੍ਹਤੀਆਂ ਦੀਆਂ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਖ਼ੂਨੀ ਝੜਪ ਦੌਰਾਨ ਇੱਕ ਆੜ੍ਹਤੀ ਦੀ ਜਾਨ ਚਲੀ ਗਈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ, ਮੰਡੀ ਵਿੱਚ ਥਾਂ ਨੂੰ ਲੈ ਕੇ ਦਲਬੀਰ ਸਿੰਘ ਅਤੇ ਪ੍ਰਗਟ ਸਿੰਘ ਦੀਆਂ ਧਿਰਾਂ ਵਿਚਾਲੇ ਤਕਰਾਰ ਹੋਈ ਸੀ। ਇਹ ਬਹਿਸ ਇੰਨੀ ਵਧ ਗਈ ਕਿ ਗੱਲ ਹੱਥੋਪਾਈ ਤੱਕ ਪਹੁੰਚ ਗਈ। ਮ੍ਰਿਤਕ ਦਲਬੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਹੈ ਕਿ ਜਸਪਾਲ ਸਿੰਘ, ਪ੍ਰਗਟ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਲਬੀਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਮ੍ਰਿਤਕ ਦਲਬੀਰ ਸਿੰਘ (ਪੁੱਤਰ ਹਰਬੰਸ ਸਿੰਘ) ਦੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਚੁੱਪ ਨਹੀਂ ਬੈਠਣਗੇ।
ਮੌਕੇ ’ਤੇ ਪਹੁੰਚੇ ਥਾਣਾ ਰਮਦਾਸ ਦੇ ਮੁਖੀ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ:
ਮਾਮਲੇ ਦੀ ਗਹਿਰਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੰਡੀ ਵਿੱਚ ਹੋਈ ਇਸ ਵਾਰਦਾਤ ਨੇ ਖ਼ਰੀਦ ਪ੍ਰਬੰਧਾਂ ਦੌਰਾਨ ਸੁਰੱਖਿਆ ਵਿਵਸਥਾ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
Get all latest content delivered to your email a few times a month.