ਤਾਜਾ ਖਬਰਾਂ
ਇਟਲੀ ਦੇ ਬੈਰਗਾਮੋ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦੇ ਹੋਏ ਬੇਰਹਿਮ ਕਤਲ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਵਿਸ਼ਵ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਲਈ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅਜਿਹੀ ਪਵਿੱਤਰ ਥਾਂ ਹੈ ਜਿੱਥੋਂ ਹਮੇਸ਼ਾ 'ਸਰਬੱਤ ਦੇ ਭਲੇ' ਅਤੇ ਆਪਸੀ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਦੌਰਾਨ ਸੇਵਾਦਾਰ ਰਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਨਿਸ਼ਾਨਾ ਬਣਾਉਣਾ ਇੱਕ ਗੰਭੀਰ ਅਪਰਾਧ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਵਿਦੇਸ਼ੀ ਧਰਤੀ 'ਤੇ ਮਾਨਵਤਾ ਦੀ ਸੇਵਾ ਕੀਤੀ ਹੈ, ਅਜਿਹੇ ਵਿੱਚ ਸੇਵਾਦਾਰਾਂ ਦਾ ਕਤਲ ਹੋਣਾ ਹਿਰਦੇ ਵੇਦਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਕੂਟਨੀਤਕ ਪੱਧਰ 'ਤੇ ਇਸ ਮਾਮਲੇ ਵਿੱਚ ਹਰਕਤ ਵਿੱਚ ਆਵੇ। ਉਨ੍ਹਾਂ ਮੰਗ ਕੀਤੀ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਇਟਲੀ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਵਿਦੇਸ਼ਾਂ ਵਿੱਚ ਸਿੱਖਾਂ ਅੰਦਰ ਪੈਦਾ ਹੋਈ ਅਸੁਰੱਖਿਆ ਦੀ ਭਾਵਨਾ ਨੂੰ ਖ਼ਤਮ ਕੀਤਾ ਜਾ ਸਕੇ।
ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਵਿੱਚ ਮਾਰੇ ਗਏ ਸਿੱਖ ਸੇਵਾਦਾਰਾਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੇ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਅਰਦਾਸ ਕਰਦੀ ਹੈ ਕਿ ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।
Get all latest content delivered to your email a few times a month.