ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦਿਨ ਦਿਹਾੜੇ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਇੱਕ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 60-65 ਸਾਲਾ ਆਤਮਾ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਰੋਡਵੇਜ਼ ਤੋਂ ਸੇਵਾਮੁਕਤ ਕਰਮਚਾਰੀ ਸੀ ਅਤੇ ਇਸ ਸਮੇਂ ਟ੍ਰੈਵਲ ਏਜੰਟ ਵਜੋਂ ਕੰਮ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲ ਸਵਾਰ ਵਿਅਕਤੀ ਉਸਦੇ ਘਰ ਆਏ ਅਤੇ ਉਸਨੂੰ ਬਾਹਰ ਆਉਣ ਲਈ ਆਵਾਜ਼ ਮਾਰੀ। ਜਿਵੇਂ ਹੀ ਆਤਮਾ ਸਿੰਘ ਘਰੋਂ ਬਾਹਰ ਨਿਕਲਿਆ, ਹਮਲਾਵਰਾਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਸਦੇ ਮੱਥੇ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਮੁੱਢਲੀ ਜਾਂਚ ਵਿੱਚ ਇਹ ਵੀ ਵੇਖਿਆ ਜਾ ਰਿਹਾ ਹੈ ਕਿ ਕਤਲ ਦੇ ਪਿੱਛੇ ਨਿੱਜੀ ਰੰਜਿਸ਼ ਸੀ ਜਾਂ ਕੋਈ ਹੋਰ ਕਾਰਨ।
ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਿਆ ਹੈ।
Get all latest content delivered to your email a few times a month.