ਤਾਜਾ ਖਬਰਾਂ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦਾ ਮੁੱਖ ਮਕਸਦ ਲੋਕਾਂ ਨੂੰ ਟੀਕਾਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਨਾਲ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ।
ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿੱਚ, ਖ਼ਾਸ ਕਰਕੇ ਉੱਚ ਜੋਖਿਮ ਵਾਲੀਆਂ ਅਤੇ ਮਾਈਗ੍ਰੇਟਰੀ ਆਬਾਦੀ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ। ਸ਼ਹਿਰੀ ਇਲਾਕਿਆਂ ਵਿੱਚ ਟੀਕਾਕਰਨ ਕਵਰੇਜ ਵਧਾਉਣ ਲਈ ਵੱਖ-ਵੱਖ ਪ੍ਰਚਾਰ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਜਾਂ ਗਰਭਵਤੀ ਮਹਿਲਾ ਟੀਕਾਕਰਨ ਤੋਂ ਵਾਂਝੀ ਨਾ ਰਹੇ।
ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨਗੇ ਅਤੇ ਆਈ.ਈ.ਸੀ. ਗਤੀਵਿਧੀਆਂ ਰਾਹੀਂ ਜਾਗਰੂਕਤਾ ਫੈਲਾਈ ਜਾਵੇਗੀ। ਸਿਵਲ ਸਰਜਨ ਵੱਲੋਂ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਹ ਮੁਹਿੰਮ ਸੁਚਾਰੂ ਢੰਗ ਨਾਲ ਚਲਾਈ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਟੀਕਾਕਰਨ ਕਰਵਾ ਕੇ ਇਸ ਅਹਿਮ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ।
ਟੀਕਾਕਰਨ ਸਿਰਫ਼ ਵਿਅਕਤੀਗਤ ਸੁਰੱਖਿਆ ਹੀ ਨਹੀਂ ਦਿੰਦਾ, ਸਗੋਂ ਸਮਾਜ ਵਿੱਚ ਬਿਮਾਰੀਆਂ ਦੇ ਫੈਲਾਅ ਨੂੰ ਰੋਕ ਕੇ ਸਮੂਹਕ ਸਿਹਤ ਨੂੰ ਵੀ ਮਜ਼ਬੂਤ ਕਰਦਾ ਹੈ।
Get all latest content delivered to your email a few times a month.