ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਡਾ ਮਾਮਲਾ ਉਠਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ’ਤੇ ਗੜਬੜੀ ਕੀਤੀ ਗਈ ਹੈ, ਜਿਸ ਰਾਹੀਂ ਸੱਤਾਧਾਰੀ ਸਰਕਾਰ ਚੋਣਾਂ ਵਿੱਚ ਫਾਇਦਾ ਲੈਣਾ ਚਾਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਫਸਰ ਨਾਲ ਮੁਲਾਕਾਤ ਕਰਕੇ ਲਿਖਤੀ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ। ਇਸ ਕਰਕੇ ਹੁਣ ਅਕਾਲੀ ਦਲ ਨੇ ਨਿਆਂ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ।
ਸ਼ਰਮਾ ਨੇ ਦੋਸ਼ ਲਗਾਇਆ ਕਿ ਮੁਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾ ਬੱਸੀ ਵਰਗੇ ਇਲਾਕਿਆਂ ਵਿੱਚ ਵੋਟਰਾਂ ਦੇ ਨਾਮ ਗਲਤ ਵਾਰਡਾਂ ਅਤੇ ਇਲਾਕਿਆਂ ਵਿੱਚ ਸ਼ਿਫਟ ਕੀਤੇ ਗਏ ਹਨ। ਕੁਝ ਥਾਵਾਂ ’ਤੇ ਤਾਂ ਇੱਕ ਵਾਰਡ ਦੇ ਸੈਂਕੜਿਆਂ ਤੋਂ ਲੈ ਕੇ ਹਜ਼ਾਰਾਂ ਵੋਟਰਾਂ ਦੇ ਨਾਮ ਦੂਜੇ ਇਲਾਕਿਆਂ ਵਿੱਚ ਜੋੜ ਦਿੱਤੇ ਗਏ ਹਨ, ਜਿਸ ਨਾਲ ਚੋਣੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ’ਤੇ 900 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ ਅਤੇ ਹੁਣ ਇਹਨਾਂ ਗੜਬੜੀਆਂ ਰਾਹੀਂ ਉਹ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਤੋਂ ਨਾਰਾਜ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਵੱਡਾ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਕੀਮਤ ’ਤੇ ਚੋਣੀ ਗੜਬੜੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਕਾਨੂੰਨੀ ਤੌਰ ’ਤੇ ਇਸਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ।
Get all latest content delivered to your email a few times a month.