ਤਾਜਾ ਖਬਰਾਂ
ਪੰਜਾਬ ਵਿੱਚ ਇੱਕ ਨਵਾਂ ਵਿਵਾਦ ਉਸ ਵੇਲੇ ਖੜ੍ਹਾ ਹੋ ਗਿਆ ਹੈ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ‘ਤੇ ਆਧਾਰਿਤ ਦਸਤਾਵੇਜ਼ੀ ਸੀਰੀਜ਼ “ਲਾਰੈਂਸ ਆਫ਼ ਪੰਜਾਬ” ਨੂੰ ਲੈ ਕੇ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਸ ਸੀਰੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਵੜਿੰਗ ਨੇ ਆਪਣੇ ਵਿਰੋਧ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਫਿਲਮਾਂ ਜਾਂ ਸੀਰੀਜ਼ ਅਪਰਾਧੀਆਂ ਦੀ ਛਵੀ ਨੂੰ ਗਲੈਮਰਾਈਜ਼ ਕਰਦੀਆਂ ਹਨ, ਜਿਸ ਨਾਲ ਸਮਾਜ ‘ਤੇ ਨਕਾਰਾਤਮਕ ਅਸਰ ਪੈਂਦਾ ਹੈ। ਉਨ੍ਹਾਂ ਖਾਸ ਤੌਰ ‘ਤੇ ਸਿਰਲੇਖ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਇਹ ਗੈਂਗਸਟਰ ਦੀ ਵਡਿਆਈ ਕਰਦਾ ਹੈ ਅਤੇ ਨੌਜਵਾਨਾਂ ਨੂੰ ਗਲਤ ਦਿਸ਼ਾ ਵਿੱਚ ਪ੍ਰਭਾਵਿਤ ਕਰ ਸਕਦਾ ਹੈ।
ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੜਿੰਗ ਵੱਲੋਂ ਸੀਰੀਜ਼ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਮਾਮਲਾ ਸਿਆਸਤ ਨਾਲ ਨਹੀਂ ਜੁੜਿਆ, ਸਗੋਂ ਉਹਨਾਂ ਪਰਿਵਾਰਾਂ ਦੀ ਭਾਵਨਾਵਾਂ ਨਾਲ ਸੰਬੰਧਿਤ ਹੈ ਜਿਨ੍ਹਾਂ ਨੇ ਅਪਰਾਧ ਕਾਰਨ ਆਪਣੇ ਪਿਆਰੇ ਗੁਆਏ ਹਨ।
ਉਕਤ ਸੀਰੀਜ਼, ਜਿਸਦਾ ਨਿਰਦੇਸ਼ਨ ਰਾਘਵ ਡਾਰ ਨੇ ਕੀਤਾ ਹੈ, ਲਾਰੈਂਸ ਬਿਸ਼ਨੋਈ ਦੇ ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਇੱਕ ਵੱਡੇ ਗੈਂਗਸਟਰ ਬਣਨ ਤੱਕ ਦੇ ਸਫ਼ਰ ਨੂੰ ਦਰਸਾਉਂਦੀ ਹੈ। ਇਹ 27 ਅਪ੍ਰੈਲ 2026 ਨੂੰ OTT ਪਲੇਟਫਾਰਮ ZEE5 ‘ਤੇ ਰਿਲੀਜ਼ ਹੋਣ ਜਾ ਰਹੀ ਹੈ।
ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਇਸ ‘ਤੇ ਰਾਜਨੀਤਿਕ ਅਤੇ ਸਮਾਜਿਕ ਚਰਚਾ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਵੱਲੋਂ ਇਸ ‘ਤੇ ਪਾਬੰਦੀ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਅਜਿਹੀ ਸਮੱਗਰੀ ਅਪਰਾਧਿਕ ਸੰਸਕਾਰ ਨੂੰ ਵਧਾਵਾ ਦੇ ਸਕਦੀ ਹੈ ਅਤੇ ਸਮਾਜ ਲਈ ਖ਼ਤਰਾ ਬਣ ਸਕਦੀ ਹੈ।
Get all latest content delivered to your email a few times a month.