ਤਾਜਾ ਖਬਰਾਂ
ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਨੁਕਸਾਨ ਝੱਲਣਾ ਪਿਆ ਜਦੋਂ ਪਾਰਟੀ ਦੀ ਸਾਬਕਾ ਹਲਕਾ ਕੋਆਰਡੀਨੇਟਰ ਰਾਣੀ ਸੋਹਲ ਨੇ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਥਾਮ ਲਿਆ। ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ ਨੇ ਉਨ੍ਹਾਂ ਦਾ ਸਿਰੋਪਾ ਦੇ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਹਮੇਸ਼ਾਂ ਔਰਤਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਭਾਗੀਦਾਰੀ ਨੂੰ ਪਹਿਲ ਦਿੰਦੀ ਆਈ ਹੈ।
ਇਸ ਮੌਕੇ ਐੱਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਫਾਰਮ ਭਰਨ ਦੇ ਨਾਮ ‘ਤੇ ਔਰਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਇਹ ਪ੍ਰਕਿਰਿਆ ਵੀ ਸਿਰਫ਼ ਕੁਝ ਗਿਣਤੀ ਦੇ ਹਲਕਿਆਂ ਤੱਕ ਸੀਮਿਤ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਬਾਕੀ ਬਹੁਤ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਔਰਤਾਂ ਅਜੇ ਵੀ ਇਸ ਯੋਜਨਾ ਦੇ ਲਾਗੂ ਹੋਣ ਦੀ ਉਡੀਕ ਕਰ ਰਹੀਆਂ ਹਨ। ਇਸ ਮੌਕੇ ਰਾਣੀ ਸੋਹਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਅਕਾਲੀ ਦਲ ਮਹਿਲਾ ਵਿੰਗ ਦੀ ਉਪ-ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਸਮਾਗਮ ਦੌਰਾਨ ਡਾ. ਕ੍ਰਿਸ਼ਨਾ, ਜਸਵਿੰਦਰ ਸਿੰਘ ਅਤੇ ਹੋਰ ਕਈ ਅਕਾਲੀ ਆਗੂ ਵੀ ਹਾਜ਼ਰ ਰਹੇ।
Editor in Chief
ਕੱਪੜ ਛਾਣ
Get all latest content delivered to your email a few times a month.