ਤਾਜਾ ਖਬਰਾਂ
ਪੰਜਾਬ ਦੇ ਸਰਹੱਦੀ ਜ਼ਿਲ੍ਹੇ Firozpur ਦੇ ਪਿੰਡ ਟੇਂਡੀਵਾਲਾ ਵਿੱਚ ਸਮਾਰਟ ਮੀਟਰਾਂ ਨਾਲ ਛੇੜਛਾੜ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ, ਪਿੰਡ ਦੇ ਦੋ ਘਰਾਂ ਵਿੱਚ ਲੱਗੇ ਸਮਾਰਟ ਮੀਟਰਾਂ ਵਿੱਚੋਂ ਸਿਮ ਕਾਰਡ ਗਾਇਬ ਮਿਲੇ ਹਨ, ਜਿਸ ਨਾਲ ਪੁਲਿਸ ਅਤੇ ਬਿਜਲੀ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਜਗਤਾਰ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਆਪਣੇ ਮੀਟਰਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚੋਂ ਸਿਮ ਕਾਰਡ ਨਹੀਂ ਮਿਲੇ। ਉਨ੍ਹਾਂ ਨੇ ਸ਼ੱਕ ਜਤਾਇਆ ਕਿ ਇਹ ਕਾਰਵਾਈ ਕਿਸੇ ਗੈਰ-ਕਾਨੂੰਨੀ ਗਿਰੋਹ ਜਾਂ ਤਸਕਰੀ ਨਾਲ ਜੁੜੇ ਤੱਤਾਂ ਵੱਲੋਂ ਕੀਤੀ ਜਾ ਸਕਦੀ ਹੈ, ਜੋ ਸਰਹੱਦੀ ਇਲਾਕਿਆਂ ਵਿੱਚ ਨਵੀਂ ਤਕਨੀਕ ਦਾ ਗਲਤ ਇਸਤੇਮਾਲ ਕਰ ਰਹੇ ਹਨ।
ਸਰਹੱਦੀ ਖੇਤਰਾਂ ਵਿੱਚ ਪਹਿਲਾਂ ਤੋਂ ਹੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀ ਸੰਭਾਵਨਾ ਰਹਿੰਦੀ ਹੈ, ਜਿਸ ਕਾਰਨ ਇਹ ਮਾਮਲਾ ਹੋਰ ਵੀ ਸੰਵੇਦਨਸ਼ੀਲ ਬਣ ਗਿਆ ਹੈ। ਸਮਾਰਟ ਮੀਟਰਾਂ ਵਿੱਚ ਵਰਤੀ ਜਾਣ ਵਾਲੀ ਕਮਿਊਨੀਕੇਸ਼ਨ ਤਕਨੀਕ ਦਾ ਦੁਰਪਯੋਗ ਹੋਣ ਦੀ ਸੰਭਾਵਨਾ ਨੇ ਸੁਰੱਖਿਆ ਪੱਖੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਸ ਮਾਮਲੇ 'ਤੇ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਕਿਹਾ ਕਿ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਖ਼ਾਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਮਿਲ ਕੇ ਸਿਮ ਚੋਰੀ ਦੇ ਤਰੀਕੇ ਅਤੇ ਮਕਸਦ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਬਿਜਲੀ ਵਿਭਾਗ ਦੇ ਅਧਿਕਾਰੀ ਧਰਮਪਾਲ ਨੇ ਵੀ ਪੁਸ਼ਟੀ ਕੀਤੀ ਕਿ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ ਅਤੇ ਤਕਨੀਕੀ ਟੀਮਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਮਾਰਟ ਮੀਟਰਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ।
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸਥਾਨਕ ਵਸਨੀਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਮਾਰਟ ਮੀਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਕਿਸੇ ਵੀ ਸੰਭਾਵਿਤ ਸੁਰੱਖਿਆ ਖ਼ਤਰੇ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
Get all latest content delivered to your email a few times a month.