ਤਾਜਾ ਖਬਰਾਂ
ਪਟਿਆਲਾ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਨੇ ਪੰਜਾਬ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਚੁਸਤ ਕਰ ਦਿੱਤਾ ਹੈ। ਇਸ ਘਟਨਾ ਦੇ ਮੱਦੇਨਜ਼ਰ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ। ਵੱਡੇ ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ ‘ਤੇ ਖਾਸ ਤੌਰ ‘ਤੇ ਚੈਕਿੰਗ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਸਮੇਂ ਸਿਰ ਟਾਲਿਆ ਜਾ ਸਕੇ।
ਅੰਮ੍ਰਿਤਸਰ ਰੇਲਵੇ ਸਟੇਸ਼ਨ ਸਮੇਤ ਕਈ ਮਹੱਤਵਪੂਰਨ ਸਟੇਸ਼ਨਾਂ ‘ਤੇ ਜੀਆਰਪੀ, ਆਰਪੀਐਫ ਅਤੇ ਸਥਾਨਕ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਸਟੇਸ਼ਨ ਵਿੱਚ ਦਾਖਲ ਹੋਣ ਵਾਲੇ ਹਰ ਯਾਤਰੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸਮਾਨ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੇਲਗੱਡੀਆਂ ਵਿੱਚ ਵੀ ਸੁਰੱਖਿਆ ਟੀਮਾਂ ਵੱਲੋਂ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਹਰ ਪਲੇਟਫਾਰਮ ‘ਤੇ ਪੁਲਿਸ ਦੀ ਮੌਜੂਦਗੀ ਨੂੰ ਮਜ਼ਬੂਤ ਕੀਤਾ ਗਿਆ ਹੈ।
ਜਾਂਚ ਦੌਰਾਨ ਕੁਝ ਸੂਤਰਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਨਾਲ ਸੰਬੰਧਤ ਇਕ ਨੌਜਵਾਨ ਦਾ ਨਾਮ ਸਾਹਮਣੇ ਆਉਣ ਦੀ ਗੱਲ ਕਹੀ ਹੈ, ਹਾਲਾਂਕਿ ਅਧਿਕਾਰਕ ਪੁਸ਼ਟੀ ਹਾਲੇ ਬਾਕੀ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਹਰ ਪੱਖੋਂ ਖੰਗਾਲ ਰਹੀਆਂ ਹਨ ਅਤੇ ਇਹ ਵੀ ਦੇਖ ਰਹੀਆਂ ਹਨ ਕਿ ਕੀ ਇਸ ਦੇ ਪਿੱਛੇ ਕੋਈ ਵੱਡਾ ਜਾਲ ਜਾਂ ਸਾਜ਼ਿਸ਼ ਤਾਂ ਨਹੀਂ।
ਡੀਐਸਪੀ ਰੇਲਵੇ ਅਧਿਕਾਰੀਆਂ ਮੁਤਾਬਕ ਰੁਟੀਨ ਚੈਕਿੰਗ ਪਹਿਲਾਂ ਵੀ ਹੁੰਦੀ ਰਹੀ ਹੈ, ਪਰ ਇਸ ਘਟਨਾ ਤੋਂ ਬਾਅਦ ਹੋਰ ਵਧੇਰੇ ਸਾਵਧਾਨੀ ਵਰਤੀ ਜਾ ਰਹੀ ਹੈ। ਜੀਆਰਪੀ ਅਤੇ ਆਰਪੀਐਫ ਦੀਆਂ ਟੀਮਾਂ ਲਗਾਤਾਰ ਸਟੇਸ਼ਨਾਂ ਅਤੇ ਰੇਲਗੱਡੀਆਂ ਵਿੱਚ ਤਾਇਨਾਤ ਹਨ, ਜਦਕਿ ਐਂਟੀ-ਸੈਬੋਟਾਜ ਟੀਮਾਂ ਨੂੰ ਵੀ ਸਚੇਤ ਰੱਖਿਆ ਗਿਆ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਦਿਖਾਈ ਦੇਵੇ, ਤਾਂ ਤੁਰੰਤ ਸੁਰੱਖਿਆ ਕਰਮਚਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।
Get all latest content delivered to your email a few times a month.