ਤਾਜਾ ਖਬਰਾਂ
ਚੰਡੀਗੜ੍ਹ, 28 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ।
ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਈ ਗਈ।
ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 439 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 94 ਐਫਆਈਆਰਜ਼ ਦਰਜ ਕਰਕੇ 125 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 474 ਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 55 ਕਿਲੋਗ੍ਰਾਮ ਭੁੱਕੀ, 3042 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6060 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 43,317 ਐਫਆਈਆਰ ਦਰਜ ਕਰਕੇ 61,142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2708 ਕਿਲੋਗ੍ਰਾਮ ਹੈਰੋਇਨ, 764 ਕਿਲੋਗ੍ਰਾਮ ਅਫੀਮ, 643 ਕੁਇੰਟਲ ਭੁੱਕੀ, 923 ਕਿਲੋਗ੍ਰਾਮ ਗਾਂਜਾ, 52.63 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 37.9 ਕਿਲੋਗ੍ਰਾਮ ਆਈਸੀਈ ਅਤੇ 17.66 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਦੌਰਾਨ, 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 98ਵੇਂ ਦਿਨ, ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ। ਇਸ ਤੋਂ ਇਲਾਵਾ, 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
Get all latest content delivered to your email a few times a month.