IMG-LOGO
ਹੋਮ ਪੰਜਾਬ: ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ...

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Admin User - Apr 30, 2026 08:11 PM
IMG

ਸਤੌਜ (ਸੰਗਰੂਰ), 30 ਅਪ੍ਰੈਲ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।  

ਆਪਣੇ ਜੱਦੀ ਪਿੰਡ ਸਤੌਜ ਵਿੱਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਗਰਿਕ ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ 'ਤੇ ਨਿਰਭਰ ਕਰਦੇ ਹਨ। ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।"

ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ, ਜਿਸ ਦਾ ਸਿਰਲੇਖ "ਮਕਾਨਾਂ ਦਾ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਹੈ, ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵੰਤ ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਨੂੰ ਪੂਰਾ ਕਰਕੇ ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਪ੍ਰਕਿਰਿਆ ਸਰਲ, ਪਹੁੰਚਯੋਗ ਅਤੇ ਨਾਗਰਿਕ-ਕੇਂਦਰਿਤ ਹੈ। ਇਹ ਲੋਕਾਂ ਨੂੰ ਡਿਜੀਟਲ ਮਰਦਮਸ਼ੁਮਾਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਪਹਿਲਕਦਮੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਇਸ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਅਤੇ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਮੇਰੇ ਵੱਲੋਂ ਅੱਜ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਮਤਲਬ ਮਿਸਾਲ ਪੇਸ਼ ਕਰਨਾ ਹੈ ਤਾਂ ਜੋ ਸੂਬਾ ਭਰ ਦੇ ਲੋਕ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰ ਸਕਣ। ਮੈਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਸਵੈ-ਗਣਨਾ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਵਿਆਪਕ ਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਉਣ।"

ਭਰੋਸੇਯੋਗ ਅੰਕੜਿਆਂ ਦੀ ਅਹਿਮਤੀਅਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, "ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਮਜ਼ਬੂਤ ਡਾਟਾਬੇਸ ਜ਼ਰੂਰੀ ਹੈ। ਮਰਦਰਮਸ਼ੁਮਾਰੀ ਦੇ ਪੁਖਤਾ ਅੰਕੜੇ ਸ਼ਾਸਨ ਦਾ ਧੁਰਾ ਸਾਬਤ ਹੁੰਦੇ ਹਨ ਅਤੇ ਇਹ ਅੰਕੜੇ ਹੀ ਯਕੀਨੀ ਬਣਾਉਂਦੇ ਹਨ ਕਿ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਸਮਾਜ ਦੇ ਹਰ ਵਰਗ ਤੱਕ ਪਹੁੰਚੇ।"

ਡਿਜੀਟਲ ਗਣਨਾ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵੈ-ਗਣਨਾ-2027 ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਸ ਨਾਲ ਵਿਅਕਤੀਗਤ ਤੌਰ ’ਤੇ ਜਨ ਅੰਕੜਿਆਂ ਅਤੇ ਸਮਾਜਿਕ-ਆਰਥਿਕ ਵੇਰਵਿਆਂ ਨੂੰ ਆਸਾਨੀ ਨਾਲ ਆਨਲਾਈਨ ਭਰਨ ਦੀ ਆਗਿਆ ਮਿਲਦੀ ਹੈ। ਇਹ ਪਹਿਲ ਪਾਰਦਰਸ਼ਤਾ ਨੂੰ ਵਧਾਉਂਦੀ ਹੈ, ਕੁਸ਼ਲਤਾ ਵਿੱਚ ਸੁਧਾਰ ਕਰਦੀ ਹੈ, ਅਤੇ ਸਟੀਕ ਅੰਕੜਿਆਂ ਨੂੰ ਯਕੀਨੀ ਬਣਾਉਂਦੀ ਹੈ।”

ਉਨ੍ਹਾਂ ਅੱਗੇ ਕਿਹਾ, “ਡਿਜੀਟਲ ਪਹੁੰਚ ਦਸਤੀ ਪ੍ਰਕਿਰਿਆਵਾਂ 'ਤੇ ਨਿਰਭਰਤਾ ਨੂੰ ਘਟਾਉਂਦੀ  ਹੈ, ਤੇਜ਼ੀ ਨਾਲ ਅੰਕੜੇ ਇਕੱਠੇ ਕਰਨ ਦੇ ਸਮਰੱਥ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਨੂੰ ਮਜ਼ਬੂਤ ਕਰਦੀ ਹੈ।”

ਅਗਲੇ ਪੜਾਅ ਦੀ ਰੂਪ-ਰੇਖਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਵਿੱਚ 15 ਮਈ ਤੋਂ 13 ਜੂਨ, 2026 ਤੱਕ ਘਰ-ਘਰ ਸਰਵੇਖਣ ਵੀ ਸ਼ਾਮਲ ਹੋਵੇਗਾ। ਇਸ ਸਮੇਂ ਦੌਰਾਨ ਰਿਹਾਇਸ਼ੀ ਹਾਲਤਾਂ, ਸਹੂਲਤਾਂ ਅਤੇ ਅਸਾਸਿਆਂ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ  ਅਤੇ ਹਰੇਕ ਘਰ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਤੋਂ ਵਿਰਵਾ ਨਾ ਰਹੇ।”


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.