ਤਾਜਾ ਖਬਰਾਂ
ਪੰਜਾਬ ਵਿੱਚ ਵੱਧ ਰਹੀਆਂ ਅਪਰਾਧਕ ਘਟਨਾਵਾਂ ਦੇ ਦਰਮਿਆਨ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਹੋਰ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਭਿੱਖੀਵਿੰਡ ਦੇ ਨੇੜਲੇ ਪਿੰਡ ਸਾਂਡਪੁਰਾ ਵਿੱਚ ਸ਼ੁੱਕਰਵਾਰ ਸ਼ਾਮ ਕਰੀਬ 4:30 ਵਜੇ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਰਸ਼ਪਾਲ ਸਿੰਘ ਸ਼ਾਲੀ ਵਜੋਂ ਹੋਈ ਹੈ, ਜੋ ਚੇਲਾ ਕਲੌਨੀ ਭਿੱਖੀਵਿੰਡ ਦਾ ਰਹਿਣ ਵਾਲਾ ਸੀ ਅਤੇ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ ਅਧਾਰ ‘ਤੇ ਨੌਕਰੀ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਉਹ ਇਸ ਸਮੇਂ ਐੱਸਡੀਓ ਨਾਲ ਤਾਇਨਾਤ ਸੀ।
ਚਸ਼ਮਦੀਦਾਂ ਦੇ ਮੁਤਾਬਕ ਹਮਲਾਵਰ ਥਾਰ ਗੱਡੀ ਵਿੱਚ ਸਵਾਰ ਹੋ ਕੇ ਆਏ ਅਤੇ ਨੌਜਵਾਨ ਦੀ ਕਾਰ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ। ਦੋ ਗੋਲੀਆਂ ਲੱਗਣ ਤੋਂ ਬਾਅਦ ਰਸ਼ਪਾਲ ਸਿੰਘ ਕਾਰ ਤੋਂ ਬਾਹਰ ਆਇਆ, ਪਰ ਕੁਝ ਹੀ ਪਲਾਂ ਵਿੱਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਾਰੰਭਿਕ ਜਾਂਚ ਵਿੱਚ ਕਤਲ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਦੇ ਨਾਲ ਗੱਡੀ ਵਿੱਚ ਹੋਰ ਕੋਈ ਵਿਅਕਤੀ ਮੌਜੂਦ ਸੀ ਜਾਂ ਨਹੀਂ।
ਫਿਲਹਾਲ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ।
Get all latest content delivered to your email a few times a month.