ਤਾਜਾ ਖਬਰਾਂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਸੁਚੱਜੀ ਯੋਜਨਾ ਅਧੀਨ ਕਾਰਵਾਈ ਕਰਦਿਆਂ ਸਰਹੱਦ ਪਾਰ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰੀ ਜਾਲ ਨੂੰ ਤੋੜਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ 2 ਗਲੋਕ 9 ਐਮਐਮ ਪਿਸਤੌਲ, ਜੋ ਕਿ ਆਸਟ੍ਰੀਆ ਵਿੱਚ ਬਣੇ ਹਨ, 4 ਚੀਨ-ਨਿਰਮਿਤ .30 ਬੋਰ ਪਿਸਤੌਲ ਅਤੇ 1 ਹੋਰ .30 ਬੋਰ ਪਿਸਤੌਲ ਸ਼ਾਮਲ ਹਨ।
ਪ੍ਰਾਰੰਭਿਕ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਦੇ ਜ਼ਰੀਏ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੰਪਰਕ ਵਿੱਚ ਸਨ। ਇਹ ਲੋਕ ਪੰਜਾਬ ਦੇ ਅੰਦਰ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕਰਨ ਲਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ।
ਇਸ ਮਾਮਲੇ ਸਬੰਧੀ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿੱਚ ਅਸਲਾ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗਿਰੋਹ ਦੇ ਹੋਰ ਮੈਂਬਰਾਂ ਅਤੇ ਇਸ ਦੇ ਸਰਹੱਦੀ ਅਤੇ ਸਥਾਨਕ ਨੈੱਟਵਰਕ ਨੂੰ ਖੰਗਾਲਣ ਵਿੱਚ ਜੁਟੀ ਹੋਈ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ।
Get all latest content delivered to your email a few times a month.