ਤਾਜਾ ਖਬਰਾਂ
ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਜੂਨ 1984 ਦੇ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ, ਹੁਕਮਨਾਮਿਆਂ ਅਤੇ ਦੁਰਲੱਭ ਇਤਿਹਾਸਕ ਦਸਤਾਵੇਜ਼ਾਂ ਬਾਰੇ ਗੰਭੀਰ ਚਿੰਤਾ ਜਤਾਈ। ਉਹਨਾਂ ਕਿਹਾ ਕਿ ਸਿੱਖ ਕੌਮ ਅੱਜ ਵੀ ਇਸ ਗੱਲ ਤੋਂ ਅਣਜਾਣ ਹੈ ਕਿ ਉਹ ਕੀਮਤੀ ਧਾਰਮਿਕ ਅਤੇ ਇਤਿਹਾਸਕ ਧਰੋਹਰ ਕਿੱਥੇ ਹੈ। ਵੱਖ-ਵੱਖ ਪੱਖਾਂ ਵੱਲੋਂ ਵੱਖਰੇ ਦਾਅਵੇ ਕੀਤੇ ਜਾ ਰਹੇ ਹਨ—ਕੁਝ ਕਹਿੰਦੇ ਹਨ ਕਿ ਦਸਤਾਵੇਜ਼ ਵਾਪਸ ਕਰ ਦਿੱਤੇ ਗਏ ਹਨ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਕੁਝ ਵੀ ਵਾਪਸ ਨਹੀਂ ਮਿਲਿਆ।
ਕੁਝ ਵਿਦਵਾਨਾਂ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਹ ਦਸਤਾਵੇਜ਼ ਵਿਦੇਸ਼ਾਂ ਵਿੱਚ ਵੇਚੇ ਗਏ ਹਨ।ਇਸ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਿਹ ਮੰਤਰੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਪੂਰੀ ਜਾਂਚ ਅਤੇ ਸਪਸ਼ਟੀਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਜੇਕਰ ਕੋਈ ਜਾਂਚ ਰਿਪੋਰਟਾਂ ਜਾਂ ਰਿਕਾਰਡ ਮੌਜੂਦ ਹਨ ਤਾਂ ਉਹਨਾਂ ਨੂੰ ਜਨਤਕ ਕੀਤਾ ਜਾਵੇ, ਤਾਂ ਜੋ ਸਿੱਖ ਸੰਗਤ ਦੇ ਮਨਾਂ ਵਿੱਚ ਪੈਦਾ ਹੋਈ ਸ਼ੰਕਾ ਦੂਰ ਹੋ ਸਕੇ। ਉਹਨਾਂ ਨੇ ਇਹ ਵੀ ਕਿਹਾ ਕਿ 2015 ਤੋਂ ਬਾਅਦ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਅਜੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਸਾਜ਼ਿਸ਼ਕਾਰਾਂ ਦੀ ਪਛਾਣ ਹੋ ਸਕੀ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬਣੇ ਕਾਨੂੰਨਾਂ ਵਿੱਚ ਸੋਧਾਂ ਨੂੰ ਸਹਿਯੋਗ ਦੇਣ ਦੀ ਗੱਲ ਵੀ ਉਹਨਾਂ ਨੇ ਕੀਤੀ। ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਹਨਾਂ ਜ਼ੋਰ ਦਿੱਤਾ ਕਿ ਇਹ ਸਿੱਖ ਕੌਮ ਦੀ ਸਰਬੋਚ ਸੰਸਥਾ ਹੈ ਅਤੇ ਇਸਦੇ ਫੈਸਲੇ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਕਿਸੇ ਇੱਕ ਪਰਿਵਾਰ ਦੇ ਪ੍ਰਭਾਵ ਹੇਠ ਨਹੀਂ ਹੋਣੇ ਚਾਹੀਦੇ। ਸਿਆਸੀ ਮਸਲਿਆਂ ‘ਤੇ ਗੱਲ ਕਰਦਿਆਂ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਨੂੰ ਏਜੰਸੀਆਂ ਦੇ ਪ੍ਰਭਾਵ ਹੇਠ ਦੱਸਣਾ ਗਲਤ ਹੈ।
Get all latest content delivered to your email a few times a month.