ਤਾਜਾ ਖਬਰਾਂ
ਚੰਡੀਗੜ੍ਹ, 4 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ 'ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ।
ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ— ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਐਸਏਐਸ ਨਗਰ ਦੇ ਪਿੰਡ ਸੋਹਾਣਾ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ, ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ।
ਡੀਜੀਪੀ ਨੇ ਕਿਹਾ ਕਿ ਜਦੋਂ ਆਦਿੱਤਿਆ ਦੇ ਸਾਥੀਆਂ ਨੂੰ ਏਜੀਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਮੁਲਜ਼ਮ ਆਦਿੱਤਿਆ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਆਦਿੱਤਿਆ ਕਪੂਰ ਉਰਫ਼ ਮੱਖਣ ਦੇ ਟਿਕਾਣੇ ਬਾਰੇ ਖੁਫੀਆ ਸਰੋਤ ਤੋਂ ਇਨਪੁੱਟ ਪ੍ਰਾਪਤ ਹੋਈ ਸੀ।
ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ "ਸ਼ੈਡੋ ਹੰਟ" ਦੇ ਨਾਮ ਹੇਠ ਇੱਕ ਅੰਤਰਰਾਜੀ ਆਪ੍ਰੇਸ਼ਨ ਚਲਾਇਆ ਗਿਆ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਪੁਲਿਸ ਟੀਮ ਨੂੰ ਤ੍ਰਿਪੁਰਾ ਦੇ ਅਗਰਤਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਏਜੀਟੀਐਫ ਟੀਮ ਨੇ ਦੋਸ਼ੀ ਨੂੰ ਉਥੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 109, 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 312 ਮਿਤੀ 16/12/2025 ਦਰਜ ਹੈ।
Get all latest content delivered to your email a few times a month.