ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਨੂੰ ਲੈ ਕੇ ਸਿੱਖ ਧਾਰਮਿਕ ਵਰਗਾਂ ਵਿੱਚ ਚਿੰਤਾ ਤੇ ਵਿਰੋਧ ਦੇ ਸੁਰ ਉੱਠਣ ਲੱਗੇ ਹਨ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਖੇਤਰਾਂ ਤੋਂ ਆਏ ਗ੍ਰੰਥੀ ਸਿੰਘਾਂ ਦੇ ਵਫ਼ਦ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨਾਲ ਮੁਲਾਕਾਤ ਕਰਕੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਇੱਕ ਮੰਗ ਪੱਤਰ ਵੀ ਸੌਂਪਿਆ।
ਵਫ਼ਦ ਨੇ ਦੱਸਿਆ ਕਿ ਨਵੇਂ ਐਕਟ ਦੇ ਲਾਗੂ ਹੋਣ ਨਾਲ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲ ਦਾ ਅਹਿਸਾਸ ਵੱਧ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਨੂੰਨ ਦਾ ਧਿਆਨ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਬਜਾਏ ਗੁਰਦੁਆਰਾ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਸੰਗਤ ਉੱਤੇ ਜ਼ਿੰਮੇਵਾਰੀਆਂ ਥੋਪਣ ਵੱਲ ਜ਼ਿਆਦਾ ਹੈ, ਜਿਸ ਨਾਲ ਧਾਰਮਿਕ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਗ੍ਰੰਥੀ ਸਿੰਘਾਂ ਨੇ ਇਹ ਵੀ ਚਿੰਤਾ ਜਤਾਈ ਕਿ “ਕਸਟੋਡੀਅਨ” ਧਾਰਨਾ ਦੇ ਤਹਿਤ ਜਿੱਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ, ਉਸ ਦੀ ਸਿੱਧੀ ਜ਼ਿੰਮੇਵਾਰੀ ਸੰਬੰਧਤ ਵਿਅਕਤੀਆਂ 'ਤੇ ਆਵੇਗੀ। ਇਸ ਕਾਰਨ ਸੰਗਤ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ ਅਤੇ ਕਈ ਲੋਕ ਆਪਣੇ ਘਰਾਂ ਵਿੱਚੋਂ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਪੋਥੀਆਂ ਗੁਰਦੁਆਰਿਆਂ ਵਿੱਚ ਜਮ੍ਹਾਂ ਕਰਵਾ ਰਹੇ ਹਨ।
ਵਫ਼ਦ ਨੇ ਖ਼ਤਰਾ ਜਤਾਇਆ ਕਿ ਜੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਅਣਗਹਿਲੀ ਦੀ ਘਟਨਾ ਵਾਪਰਦੀ ਹੈ, ਤਾਂ ਸਭ ਤੋਂ ਪਹਿਲਾਂ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਸੇਵਾ ਪ੍ਰਭਾਵਿਤ ਹੋਵੇਗੀ, ਸਗੋਂ ਮਾਨਸਿਕ ਦਬਾਅ ਵੀ ਵਧੇਗਾ।
ਇਸ ਦੌਰਾਨ, ਬਾਬਾ ਟੇਕ ਸਿੰਘ ਧਨੌਲਾ ਨੇ ਗ੍ਰੰਥੀ ਸਿੰਘਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਸਿੱਖ ਸੰਸਥਾਵਾਂ ਹਮੇਸ਼ਾਂ ਆਪਣੇ ਸੇਵਾਦਾਰਾਂ ਦੇ ਹੱਕਾਂ ਦੀ ਰੱਖਿਆ ਕਰਨਗੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਅਦਬ-ਸਤਿਕਾਰ ਸਭ ਲਈ ਲਾਜ਼ਮੀ ਹੈ, ਪਰ ਕਿਸੇ ਵੀ ਕਾਨੂੰਨ ਦੇ ਨਾਂ 'ਤੇ ਗ੍ਰੰਥੀ ਸਿੰਘਾਂ ਨੂੰ ਤੰਗ ਕਰਨਾ ਮਨਜ਼ੂਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਕਾਨੂੰਨ ਸੰਗਤ ਨੂੰ ਗੁਰੂ ਨਾਲੋਂ ਦੂਰ ਕਰੇ, ਉਹ ਕਦੇ ਵੀ ਕਬੂਲਯੋਗ ਨਹੀਂ ਹੋ ਸਕਦਾ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਤਲਬ ਕੀਤਾ ਗਿਆ ਹੈ, ਜਿਸ ਨਾਲ ਇਹ ਮਸਲਾ ਹੁਣ ਸਿਆਸੀ ਅਤੇ ਧਾਰਮਿਕ ਪੱਧਰ 'ਤੇ ਹੋਰ ਵੀ ਗਰਮ ਹੋ ਸਕਦਾ ਹੈ।
Get all latest content delivered to your email a few times a month.