ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ਉਨ੍ਹਾਂ ਦੇ ਕਰੀਬੀਆਂ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਮਾਮਲੇ ਦੀ ਨਿਰਪੱਖ ਅਤੇ ਡੂੰਘੀ ਜਾਂਚ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਈਡੀ ਦੀ ਛਾਪੇਮਾਰੀ ਦੌਰਾਨ ਪੈਸਿਆਂ ਨਾਲ ਭਰੇ ਬੈਗ ਇਮਾਰਤ ਦੀ 9ਵੀਂ ਮੰਜ਼ਿਲ ਤੋਂ ਸੁੱਟੇ ਜਾਣ ਦੀ ਘਟਨਾ ਨੇ ਪੰਜਾਬ ਵਿੱਚ ਚੱਲ ਰਹੇ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਸਰੋਤਾਂ ਦੀ ਲੁੱਟ ਨੂੰ ਬੇਨਕਾਬ ਕਰ ਦਿੱਤਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਓਐਸਡੀ ਨਾਲ ਜੁੜੇ ਲੋਕ ਕਿਸਾਨਾਂ ਤੋਂ ਸਸਤੇ ਭਾਅ ਜ਼ਮੀਨਾਂ ਖਰੀਦ ਕੇ ਬਿਲਡਰਾਂ ਨੂੰ ਮਹਿੰਗੇ ਰੇਟਾਂ ‘ਤੇ ਵੇਚ ਰਹੇ ਹਨ ਅਤੇ ਇਸ ਦੌਰਾਨ ਵੱਡੇ ਪੱਧਰ ‘ਤੇ ਰਿਸ਼ਵਤਖੋਰੀ ਹੋ ਰਹੀ ਹੈ। ਮਜੀਠੀਆ ਨੇ ਇਹ ਵੀ ਕਿਹਾ ਕਿ ਇਸ ਗਿਰੋਹ ‘ਤੇ ਗੈਰ-ਕਾਨੂੰਨੀ ਰੇਤ ਮਾਇਨਿੰਗ, ਹਜ਼ਾਰਾਂ ਟਰੱਕਾਂ ਦੀ ਓਪਰੇਸ਼ਨ ਅਤੇ ਸ਼ਰਾਬ ਮਾਫੀਆ ਨਾਲ ਸਬੰਧ ਹੋਣ ਦੇ ਦੋਸ਼ ਵੀ ਹਨ।
ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਈਡੀ ਵੱਲੋਂ ਛਾਪੇਮਾਰੀ ਕੀਤੇ ਗਏ ਨਿਤਿਨ ਗੋਇਲ, ਬੀਰਦਵਿੰਦਰ ਸਿੰਘ ਅਤੇ ਪ੍ਰਿਤਪਾਲ ਢੀਂਡਸਾ, ਰਾਜਬੀਰ ਘੁੰਮਣ ਦੇ ਨਜ਼ਦੀਕੀ ਹਨ ਅਤੇ ਇਹ ਸਾਰੇ ਆਪਸੀ ਤੌਰ ‘ਤੇ ਘਰਾਂ, ਗੱਡੀਆਂ ਅਤੇ ਫੋਨਾਂ ਦੀ ਵਰਤੋਂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਇਕੱਠਾ ਕੀਤਾ ਜਾ ਰਿਹਾ ਪੈਸਾ ਹਵਾਲਾ ਰਾਹੀਂ ਆਸਟਰੇਲੀਆ ਅਤੇ ਕੈਨੇਡਾ ਭੇਜਿਆ ਜਾ ਰਿਹਾ ਹੈ, ਜਿਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਮਜੀਠੀਆ ਨੇ ਰਾਜਬੀਰ ਘੁੰਮਣ ਅਤੇ ਉਨ੍ਹਾਂ ਦੇ ਕਰੀਬੀਆਂ ਦੀਆਂ ਜਾਇਦਾਦਾਂ, ਆਰਥਿਕ ਹਾਲਤ ਅਤੇ ਵਿਦੇਸ਼ਾਂ ਵਿੱਚ ਖਰੀਦੀਆਂ ਸੰਪਤੀਆਂ ਦੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਪਹਿਲਾਂ ਆਮ ਵਾਹਨ ਵੀ ਨਹੀਂ ਸਨ, ਉਹ ਅੱਜ ਮਹਿੰਗੀਆਂ ਲਗਜ਼ਰੀ ਗੱਡੀਆਂ ਵਿੱਚ ਘੁੰਮ ਰਹੇ ਹਨ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਲੁੱਕਆਉਟ ਸਰਕੂਲਰ (LOC) ਜਾਰੀ ਕਰਨ ਦੀ ਮੰਗ ਵੀ ਕੀਤੀ ਤਾਂ ਜੋ ਕੋਈ ਵੀ ਵਿਅਕਤੀ ਦੇਸ਼ ਛੱਡ ਕੇ ਨਾ ਭੱਜ ਸਕੇ।
Get all latest content delivered to your email a few times a month.