ਤਾਜਾ ਖਬਰਾਂ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਭਾਂਡਾ ਫੋੜਦਿਆਂ ਇੱਕ ਯਾਤਰੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। APIS (ਐਡਵਾਂਸ ਪੈਸੰਜਰ ਇਨਫਾਰਮੇਸ਼ਨ ਸਿਸਟਮ) ਪ੍ਰੋਫਾਈਲਿੰਗ ਦੀ ਮਦਦ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਅਧਿਕਾਰੀਆਂ ਨੇ ਲਗਭਗ 25.25 ਕਿੱਲੋ ਸ਼ੱਕੀ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮ ਯਾਤਰੀ ਕੰਬੋਡੀਆ ਤੋਂ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਹੁੰਦੇ ਹੋਏ ਫਲਾਈਟ ਨੰਬਰ MH-118 ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਹਵਾਈ ਅੱਡੇ 'ਤੇ ਤਾਇਨਾਤ ਕਸਟਮ ਅਧਿਕਾਰੀਆਂ ਨੂੰ ਯਾਤਰੀ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਸ ਨੂੰ ਚੈਕਿੰਗ ਲਈ ਰੋਕਿਆ ਗਿਆ।
ਜਦੋਂ ਯਾਤਰੀ ਦੇ ਸਾਮਾਨ ਦੀ ਐਕਸ-ਰੇ ਸਕੈਨਿੰਗ ਅਤੇ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਅਧਿਕਾਰੀ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਚਾਰ ਸਾਫਟ ਖਿਡੌਣਿਆਂ (Soft Toys) ਦੇ ਅੰਦਰੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁੱਢਲੀ ਜਾਂਚ ਦੌਰਾਨ ਇਹਨਾਂ ਗੋਲੀਆਂ ਦੇ MDMA (ਐਕਸਟਸੀ) ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਜੋ ਕਿ NDPS ਐਕਟ ਤਹਿਤ ਪੂਰੀ ਤਰ੍ਹਾਂ ਪਾਬੰਦੀਸ਼ੁਦਾ ਹੈ।
ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਜ਼ਬਤ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਤਸਕਰੀ ਦੇ ਪਿੱਛੇ ਕਿਸੇ ਵੱਡੇ ਗਿਰੋਹ ਦਾ ਹੱਥ ਹੋ ਸਕਦਾ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਤਸਕਰੀ ਦੇ ਪੂਰੇ ਰੂਟ ਅਤੇ ਇਸ ਵਿੱਚ ਸ਼ਾਮਲ ਹੋਰ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ। ਅੰਮ੍ਰਿਤਸਰ ਕਸਟਮਜ਼ ਦੀ ਇਸ ਕਾਮਯਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਅਹਿਮ ਮੋੜ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.