ਤਾਜਾ ਖਬਰਾਂ
ਗੁਰਦਾਸਪੁਰ ਦੇ ਪਿੰਡ ਦਾਰਾਪੁਰ ਵਿੱਚ ਇੱਕ ਵਿਆਹੁਤਾ ਔਰਤ ਦੀ ਭੇਤਭਰੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਜਿੰਦਰ ਕੌਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ, ਖਾਸ ਕਰਕੇ ਦਰਾਣੀ ਅਤੇ ਜੇਠ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਤਲ ਦਾ ਸ਼ੱਕ ਜਤਾਇਆ ਹੈ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ ਜਿੰਦਰ ਕੌਰ ਦੀ ਕੋਈ ਔਲਾਦ ਨਹੀਂ ਸੀ, ਜਿਸ ਕਾਰਨ ਉਸ ਦਾ ਪਤੀ ਅਕਸਰ ਉਸ ਨਾਲ ਝਗੜਾ ਕਰਦਾ ਅਤੇ ਸ਼ਰਾਬ ਦੇ ਨਸ਼ੇ ਵਿੱਚ ਉਸ ਦੀ ਕੁੱਟਮਾਰ ਕਰਦਾ ਸੀ। ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਦਾ ਪਤੀ ਦੂਜਾ ਵਿਆਹ ਕਰਵਾਉਣ ਦੀਆਂ ਗੱਲਾਂ ਕਰਦਾ ਰਹਿੰਦਾ ਸੀ। ਮੌਤ ਤੋਂ ਬਾਅਦ ਪਤੀ ਦੇ ਘਰੋਂ ਗਾਇਬ ਹੋ ਜਾਣ ਨਾਲ ਸ਼ੱਕ ਹੋਰ ਵੀ ਗਹਿਰਾ ਹੋ ਗਿਆ ਹੈ। ਪੇਕੇ ਪਰਿਵਾਰ ਨੇ ਦੱਸਿਆ ਕਿ ਮ੍ਰਿਤਕਾ ਦੇ ਗਲੇ ਅਤੇ ਬਾਂਹਾਂ ‘ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ।
ਇਸ ਮਾਮਲੇ ਸਬੰਧੀ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਜਾਂਚ ਦੌਰਾਨ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.