ਤਾਜਾ ਖਬਰਾਂ
ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਉਸ ਵੇਲੇ ਹੰਗਾਮੇ ਵਾਲਾ ਮਾਹੌਲ ਬਣ ਗਿਆ ਜਦੋਂ 15 ਤੋਂ 20 ਨੌਜਵਾਨ ਅਚਾਨਕ ਦਫ਼ਤਰ ਅੰਦਰ ਦਾਖਲ ਹੋਏ ਅਤੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਭੰਨਤੋੜ ਸ਼ੁਰੂ ਕਰ ਦਿੱਤੀ। ਹਮਲਾਵਰਾਂ ਨੇ “ਭਾਜਪਾ ਮੁਰਦਾਬਾਦ” ਅਤੇ “ਪੰਜਾਬ ਏਕਤਾ ਜ਼ਿੰਦਾਬਾਦ” ਦੇ ਨਾਅਰੇ ਲਗਾਉਂਦੇ ਹੋਏ ਦਫ਼ਤਰ ਅੰਦਰ ਪੋਸਟਰ ਸੁੱਟੇ, ਸਿਆਹੀ ਛਿੜਕੀ ਅਤੇ ਸਾਮਾਨ ਨੂੰ ਨੁਕਸਾਨ ਪਹੁੰਚਾਇਆ। ਇਸ ਦੌਰਾਨ ਦਫ਼ਤਰ ਵਿੱਚ ਮੌਜੂਦ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਅਤੇ ਸੁਰਜੀਤ ਸਿੰਘ ਸਾਗਰ ਨਾਲ ਵੀ ਧੱਕਾਮੁੱਕੀ ਅਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ।
ਵਿਰੋਧ ਹੋਣ ‘ਤੇ ਹਮਲਾਵਰਾਂ ਨੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੌਕੇ ਤੋਂ ਭੱਜਣ ਲੱਗੇ। ਚਸ਼ਮਦੀਦਾਂ ਮੁਤਾਬਕ, ਭੱਜਦੇ ਸਮੇਂ ਕੁਝ ਹਮਲਾਵਰਾਂ ਵੱਲੋਂ ਹਵਾ ਵਿੱਚ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਵੇਲੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਕਿਸੇ ਹੋਰ ਪ੍ਰੋਗਰਾਮ ਵਿੱਚ ਮੌਜੂਦ ਸਨ। ਦਫ਼ਤਰ ਵਿੱਚ ਮੌਜੂਦ ਕਰਮਚਾਰੀਆਂ ਨੇ ਇੱਕ ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਬਾਕੀ ਸਾਥੀਆਂ ਨੇ ਉਸਨੂੰ ਛੁਡਾ ਲਿਆ ਅਤੇ ਸਾਰੇ ਮੌਕੇ ਤੋਂ ਫ਼ਰਾਰ ਹੋ ਗਏ।
ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਐਸਪੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਨੇ ਇਸ ਘਟਨਾ ਨੂੰ ਕਾਨੂੰਨ-ਵਿਵਸਥਾ ਲਈ ਵੱਡੀ ਚੁਣੌਤੀ ਦੱਸਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Get all latest content delivered to your email a few times a month.