ਤਾਜਾ ਖਬਰਾਂ
ਕਪੂਰਥਲਾ ਦੇ ਬੇਗੋਵਾਲ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਜ਼ਾਰ ਵਿੱਚ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਇਸ ਦੌਰਾਨ ਇੱਕ ਨੌਜਵਾਨ ਨੇ ਦੂਜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ, ਬੇਗੋਵਾਲ ਵਜੋਂ ਹੋਈ ਹੈ। ਹਮਲੇ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਉਸਨੂੰ ਤੁਰੰਤ ਬੇਗੋਵਾਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਏ। ਉੱਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਜਲੰਧਰ ਰੈਫਰ ਕਰ ਦਿੱਤਾ, ਪਰ ਰਸਤੇ ਵਿੱਚ ਹੀ ਹਰਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਬਣ ਗਿਆ।
ਮੌਕੇ ’ਤੇ ਪਹੁੰਚੇ ਡੀਐਸਪੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਥਾਣੇ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਕਤਲ ਕਰਨ ਵਾਲੇ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ, ਪਰ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹੀ ਹੈ। ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Get all latest content delivered to your email a few times a month.