ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ, ਖ਼ਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਗੋਸ਼ਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਅੱਜ ਰੇਤ ਮਾਫੀਆ ਅਤੇ ਨਸ਼ਾ ਮਾਫੀਆ ਦੇ ਵਧਦੇ ਪ੍ਰਭਾਵ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਬੇਰੋਕਟੋਕ ਚੱਲ ਰਹੀਆਂ ਹਨ ਅਤੇ ਆਮ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ।
ਗੁਰਦੀਪ ਸਿੰਘ ਗੋਸ਼ਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਦੀ ਉਮੀਦ ਨਾਲ ਇਸ ਸਰਕਾਰ ਨੂੰ ਚੁਣਿਆ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਗੁੰਡਾਗਰਦੀ ਨੂੰ ਖੁੱਲ੍ਹੀ ਛੂਟ ਦਿੱਤੀ ਜਾ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਗੈਰਕਾਨੂੰਨੀ ਮਾਈਨਿੰਗ ਬੇਖ਼ੌਫ਼ ਢੰਗ ਨਾਲ ਜਾਰੀ ਹੈ, ਜਿਸ ਨਾਲ ਨਾ ਸਿਰਫ਼ ਕੁਦਰਤੀ ਸੰਸਾਧਨਾਂ ਦੀ ਲੁੱਟ ਹੋ ਰਹੀ ਹੈ, ਸਗੋਂ ਸਰਕਾਰੀ ਖ਼ਜ਼ਾਨੇ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵੀ ਵਧਦਾ ਜਾ ਰਿਹਾ ਹੈ, ਜਿਸ ਕਾਰਨ ਨੌਜਵਾਨੀ ਨਸ਼ਿਆਂ ਦੇ ਜਾਲ ਵਿੱਚ ਫਸਦੀ ਜਾ ਰਹੀ ਹੈ।
ਗੋਸ਼ਾ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਲੋਕਾਂ ਦਾ ਕਾਨੂੰਨ-ਵਿਵਸਥਾ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਵਧ ਰਹੀ ਹੈ। ਜਿਨ੍ਹਾਂ ਨੇ ਪੰਜਾਬ ਨੂੰ ਇਮਾਨਦਾਰ ਅਤੇ ਵਿਕਾਸਸ਼ੀਲ ਸਰਕਾਰ ਦੇ ਵਾਅਦੇ ਕੀਤੇ ਸਨ, ਉਹੀ ਅੱਜ ਸੂਬੇ ਨੂੰ ਬਰਬਾਦੀ ਵੱਲ ਧੱਕ ਰਹੇ ਹਨ। ਗੋਸ਼ਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਤੰਤਰਿਕ ਢੰਗ ਨਾਲ ਇਸਦਾ ਜਵਾਬ ਦੇਣਗੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸ਼ਾਂਤੀ, ਵਿਕਾਸ ਅਤੇ ਨੌਜਵਾਨੀ ਦੇ ਭਵਿੱਖ ਲਈ ਹਮੇਸ਼ਾ ਵਚਨਬੱਧ ਰਹੇਗੀ। ਭਾਜਪਾ ਵਰਕਰ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦੇ ਨੂੰ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ ਅਤੇ ਪੰਜਾਬ ਨੂੰ ਮਾਫੀਆ ਰਾਜ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣਗੇ।
ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਇਲੈਕਸ਼ਨ ਇੰਚਾਰਜ ਗੁਰਦੀਪ ਸਿੰਘ ਗੋਸ਼ਾ, ਜਤਿੰਦਰ ਸਿੰਘ ਅਠਵਾਲ, ਰਤਨਾ ਧਾਨੇਰਾ, ਡਾ. ਪਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਐਡਵੋਕੇਟ ਸਿਮਰਨ ਕੌਰ ਅਤੇ ਪ੍ਰਭਜੀਤ ਸਿੰਘ ਪੰਧੇਰ ਸਮੇਤ ਹੋਰ ਆਗੂ ਵੀ ਮੌਜੂਦ ਰਹੇ।
Get all latest content delivered to your email a few times a month.