ਤਾਜਾ ਖਬਰਾਂ
ਗੁਰਦਾਸਪੁਰ ਦੇ ਕਾਹਨੂੰਵਾਨ ਇਲਾਕੇ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਹਿੰਸਕ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਬਿੱਟੂ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਥਾਣਾ ਕਾਹਨੂੰਵਾਨ ਦੇ ਬਾਹਰ ਜਾਮ ਲਗਾ ਕੇ ਇਨਸਾਫ ਦੀ ਮੰਗ ਕੀਤੀ।
ਪਰਿਵਾਰਕ ਮੈਂਬਰਾਂ ਅਨੁਸਾਰ ਇੱਕ ਪਲਾਟ ਨੂੰ ਲੈ ਕੇ ਪਿੰਡ ਦੇ ਕੁਝ ਲੋਕਾਂ ਨਾਲ ਲੰਮੇ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਦੋਸ਼ ਹੈ ਕਿ ਜਦੋਂ ਕੁਲਵਿੰਦਰ ਸਿੰਘ ਆਪਣੇ ਖੇਤਾਂ ਵਿੱਚ ਮੌਜੂਦ ਸੀ ਤਾਂ ਮੋਤੀ ਭਾਟੀਆ ਅਤੇ ਮੋਨੂ ਭਾਟੀਆ ਨਾਮਕ ਵਿਅਕਤੀ ਉਸ ਨੂੰ ਜਬਰਦਸਤੀ ਆਪਣੇ ਨਾਲ ਗੱਡੀ ਵਿੱਚ ਬਿਠਾ ਕੇ ਫਾਰਮ ਹਾਊਸ ਲੈ ਗਏ। ਉੱਥੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਪਰਿਵਾਰ ਦਾ ਕਹਿਣਾ ਹੈ ਕਿ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਕੁਲਵਿੰਦਰ ਨੂੰ ਖੇਤਾਂ ਵਿੱਚ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲੈ ਕੇ ਨਿਕਲੇ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।
ਇਸ ਘਟਨਾ ਨਾਲ ਗੁੱਸੇ ਵਿੱਚ ਆਏ ਪਰਿਵਾਰ ਅਤੇ ਸਥਾਨਕ ਲੋਕਾਂ ਨੇ ਥਾਣਾ ਕਾਹਨੂੰਵਾਨ ਅੱਗੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਉੱਧਰ ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.