ਤਾਜਾ ਖਬਰਾਂ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। ਜੇਲ੍ਹ ਦੇ ਅੰਦਰ ਡਿਊਟੀ ’ਤੇ ਤਾਇਨਾਤ ਇੱਕ ਕਰਮਚਾਰੀ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਣ ਮਗਰੋਂ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਜਦੋਂ ਪਾਵਰਕਾਮ ਨਾਲ ਸੰਬੰਧਿਤ ਕਰਮਚਾਰੀ ਜਸਵਿੰਦਰ ਸਿੰਘ ਡਿਊਟੀ ਲਈ ਜੇਲ੍ਹ ਅੰਦਰ ਦਾਖਲ ਹੋ ਰਿਹਾ ਸੀ ਤਾਂ ਸੁਰੱਖਿਆ ਜਾਂਚ ਦੌਰਾਨ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨਾਲ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।
ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੈਂਟਰਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਲਿਖਤੀ ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਕਾਰਵਾਈ ਕੀਤੀ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਬਰਾਮਦ ਕੀਤੀ ਗਈ ਹੈਰੋਇਨ ਜੇਲ੍ਹ ਅੰਦਰ ਬੰਦ ਕੈਦੀ ਗਗਨਦੀਪ ਸਿੰਘ ਤੱਕ ਪਹੁੰਚਾਈ ਜਾਣੀ ਸੀ, ਜੋ ਇਸ ਵੇਲੇ ਬਲਾਕ-1 ਦੀ ਬੈਰਕ ਨੰਬਰ 1 ਵਿੱਚ ਨਜ਼ਰਬੰਦ ਹੈ।
ਪੁਲਿਸ ਨੇ ਜਸਵਿੰਦਰ ਸਿੰਘ ਅਤੇ ਕੈਦੀ ਗਗਨਦੀਪ ਸਿੰਘ ਵਿਰੁੱਧ ਐਨਡੀਪੀਐਸ ਐਕਟ ਅਤੇ ਜੇਲ੍ਹ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਫਰੀਦਕੋਟ ਸਿਟੀ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਹੁਣ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਤੋਂ ਪਹਿਲਾਂ ਵੀ ਜੇਲ੍ਹ ਅੰਦਰ ਨਸ਼ਾ ਸਪਲਾਈ ਕੀਤਾ ਜਾਂਦਾ ਰਿਹਾ ਹੈ ਅਤੇ ਇਹ ਹੈਰੋਇਨ ਕਿਹੜੇ ਸਰੋਤ ਤੋਂ ਹਾਸਲ ਕੀਤੀ ਗਈ ਸੀ।
Get all latest content delivered to your email a few times a month.