IMG-LOGO
ਹੋਮ ਪੰਜਾਬ: ਚੋਣ ਜਿੱਤ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸ੍ਰੀ...

ਚੋਣ ਜਿੱਤ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਪੰਜਾਬ ਦੀ ਅਮਨ-ਸ਼ਾਂਤੀ ਲਈ ਕੀਤੀ ਅਰਦਾਸ

Admin User - May 31, 2026 01:08 PM
IMG

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਸਦਕਾ ਹੀ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਹ ਇਸੇ ਸੁਖਾਵੇਂ ਮਾਹੌਲ ਲਈ ਗੁਰੂ ਘਰ ਸ਼ੁਕਰਾਨਾ ਕਰਨ ਪਹੁੰਚੇ ਹਨ।




ਕੈਬਨਿਟ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਸਮੇਤ ਪੂਰੇ ਸੂਬੇ ਵਿੱਚ ਹਾਲ ਹੀ ਦੌਰਾਨ ਹੋਈਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਦੇ ਓਟ-ਆਸਰੇ ਸਦਕਾ ਮਿਲੀ ਇਸ ਸਫ਼ਲਤਾ ਲਈ ਧੰਨਵਾਦ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ।




ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਹੀ ਨਤੀਜਾ ਹੈ ਕਿ ਜਨਤਾ ਨੇ ਇਨ੍ਹਾਂ ਚੋਣਾਂ ਵਿੱਚ 'ਆਪ' ਦੇ ਹੱਕ ਵਿੱਚ ਫਤਵਾ ਦਿੱਤਾ ਹੈ।




ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅਤੇ ਹੁਣ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਨਤਾ ਨੇ ਪਾਰਟੀ 'ਤੇ ਮੁੜ ਮੋਹਰ ਲਗਾਈ ਹੈ। ਆਪਣੇ ਹਲਕੇ ਜੰਡਿਆਲਾ ਗੁਰੂ ਦੇ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਉੱਥੇ ਪਾਰਟੀ ਨੇ 15 ਵਿੱਚੋਂ 13 ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ।




ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਲਗਾਏ ਗਏ ਸਰਕਾਰੀ ਦਬਾਅ ਅਤੇ ਧਾਂਦਲੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਤੋਂ ਲੈ ਕੇ ਵੋਟਾਂ ਪੈਣ ਅਤੇ ਨਤੀਜੇ ਆਉਣ ਤੱਕ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਹੈ। ਪੂਰੇ ਪੰਜਾਬ ਵਿੱਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।



ਉਨ੍ਹਾਂ ਅਖੀਰ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਸਭ ਤੋਂ ਉੱਪਰ ਹੈ ਅਤੇ ਪੰਜਾਬ ਸਰਕਾਰ ਇਸ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 'ਆਪ' ਸਰਕਾਰ ਭਵਿੱਖ ਵਿੱਚ ਵੀ ਜਨਤਾ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.