ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ, ਖਾਦ ਅਤੇ ਰਸਾਇਣ ਮੰਤਰੀ ਜੇ.ਪੀ. ਨੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਰਾਜਨੀਤਿਕ ਹਾਲਾਤ, ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਸਬੰਧੀ ਰਣਨੀਤੀਆਂ ‘ਤੇ ਵੀ ਚਰਚਾ ਹੋਈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਅਤੇ ਸੰਗਠਨ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰੇਗੀ।
ਬੈਠਕ ਦੌਰਾਨ ਸਰਹੱਦੀ ਇਲਾਕਿਆਂ ਦੇ ਨੌਜਵਾਨਾਂ ਦੇ ਭਵਿੱਖ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ‘ਤੇ ਖਾਸ ਧਿਆਨ ਦਿੱਤਾ ਗਿਆ। ਦੋਵੇਂ ਆਗੂਆਂ ਨੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਆਧੁਨਿਕ ਸਿਖਲਾਈ ਅਤੇ ਰੁਜ਼ਗਾਰ ਨਾਲ ਜੋੜਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਹੁਨਰਮੰਦ ਅਤੇ ਸਵੈ-ਨਿਰਭਰ ਨੌਜਵਾਨ ਹੀ ਸਰਹੱਦੀ ਖੇਤਰਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।
ਇਸ ਮੌਕੇ ‘ਤੇ ‘ਵਿਕਸਤ ਭਾਰਤ 2047’ ਦੇ ਟੀਚੇ ਨੂੰ ਸਾਕਾਰ ਕਰਨ ਲਈ ਯੁਵਾ ਸ਼ਕਤੀ ਦੀ ਮਹੱਤਤਾ ਨੂੰ ਵੀ ਰੇਖਾਂਕਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਬਿਹਤਰ ਸਿੱਖਿਆ, ਰੁਜ਼ਗਾਰ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਮੀਟਿੰਗ ਵਿੱਚ ਪੰਜਾਬ ਅਤੇ ਕੇਂਦਰ ਵਿਚਾਲੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ।
Get all latest content delivered to your email a few times a month.