ਤਾਜਾ ਖਬਰਾਂ
ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਵਿਧਾਨ ਸਭਾ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕਈ ਮਾਮਲਿਆਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੇ ਸੰਤੁਸ਼ਟੀ ਪ੍ਰਗਟਾਈ।
ਦੌਰੇ ਦੌਰਾਨ ਮੰਤਰੀ ਸੌਂਦ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਗਰਾਂਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਰਿਕਾਰਡ ਪੱਧਰ 'ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਕਾਸ ਦਾ ਲਾਭ ਸਮਾਜ ਦੇ ਹਰ ਵਰਗ ਅਤੇ ਹਰ ਪਿੰਡ ਤੱਕ ਪਹੁੰਚੇ। ਇਸੇ ਉਦੇਸ਼ ਨਾਲ ਲੋਕ ਮਿਲਣੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਤੁਰੰਤ ਹੱਲ ਕੀਤਾ ਜਾ ਸਕੇ।
ਮੰਤਰੀ ਸੌਂਦ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਨਾਲ ਜ਼ਮੀਨੀ ਹਕੀਕਤਾਂ ਅਤੇ ਖੇਤਰ ਦੀਆਂ ਲੋੜਾਂ ਬਾਰੇ ਸਹੀ ਜਾਣਕਾਰੀ ਮਿਲਦੀ ਹੈ, ਜਿਸ ਨਾਲ ਵਿਕਾਸ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਖੰਨਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
Get all latest content delivered to your email a few times a month.