IMG-LOGO
ਹੋਮ ਪੰਜਾਬ: ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਆਗੂ ਕੇਵਲ ਢਿੱਲੋਂ ਅਤੇ...

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਆਗੂ ਕੇਵਲ ਢਿੱਲੋਂ ਅਤੇ ਤਰੁਣ ਚੁੱਘ; ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ 'ਤੇ ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

Admin User - Jun 18, 2026 01:41 PM
IMG

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਮੱਧ ਪ੍ਰਦੇਸ਼ ਤੋਂ ਪਾਰਟੀ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇੱਥੇ ਪਹੁੰਚਣ 'ਤੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਦੋਵਾਂ ਸੀਨੀਅਰ ਆਗੂਆਂ ਦਾ ਜ਼ੋਰਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਦੋਵੇਂ ਪ੍ਰਮੁੱਖ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਦੇਸ਼-ਪੰਜਾਬ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਤੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ।


ਗੁਰੂ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਦੇ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦੇ ਦਰਬਾਰ ਵਿੱਚ ਸੀਸ ਨਿਵਾਉਣ ਦਾ ਸੁਭਾਗ ਮਿਲਿਆ ਹੈ।


ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਸਾਨੂੰ ਹਮੇਸ਼ਾ ਸੱਚ ਦੇ ਮਾਰਗ 'ਤੇ ਚੱਲਣ, ਮਜ਼ਲੂਮਾਂ ਦੀ ਸੇਵਾ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।


ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇੱਥੇ ਕਿਸੇ ਸਿਆਸੀ ਹੈਸੀਅਤ ਨਾਲ ਨਹੀਂ, ਸਗੋਂ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਹਾਜ਼ਰ ਹੋਏ ਹਨ।


ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਅਤੇ ਹਾਲੀਆ ਘਟਨਾਕ੍ਰਮ ਦੇ ਪਿਛੋਕੜ ਵਿੱਚ ਬੋਲਦਿਆਂ ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੀ ਪਵਿੱਤਰਤਾ, ਮਰਿਆਦਾ ਅਤੇ ਪ੍ਰਾਚੀਨ ਪਰੰਪਰਾਵਾਂ ਦਾ ਦਿਲੋਂ ਸਤਿਕਾਰ ਕਰਨਾ ਹਰ ਵਿਅਕਤੀ ਦਾ ਮੁਢਲਾ ਫ਼ਰਜ਼ ਹੈ।


ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੀਰੀ-ਪੀਰੀ ਦੇ ਇਸ ਸਰਵਉੱਚ ਅਸਥਾਨ ਦੀ ਮਹੱਤਤਾ ਕਿਸੇ ਵੀ ਰਾਜਨੀਤਿਕ ਪਾਰਟੀ, ਧੜੇਬੰਦੀ ਜਾਂ ਸੰਗਠਨ ਤੋਂ ਬਹੁਤ ਉੱਪਰ ਹੈ, ਇਸ ਲਈ ਹਰ ਇੱਕ ਨੂੰ ਇਸ ਸੰਸਥਾ ਪ੍ਰਤੀ ਬੇਹੱਦ ਸੰਵੇਦਨਸ਼ੀਲਤਾ ਅਤੇ ਅਦਬ ਸਤਿਕਾਰ ਵਾਲਾ ਰਵੱਈਆ ਰੱਖਣਾ ਚਾਹੀਦਾ ਹੈ।


ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਵੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਦਿੱਤੀ ਗਈ ਕੁਰਬਾਨੀ ਸੱਚ, ਧਰਮ ਦੀ ਰੱਖਿਆ ਅਤੇ ਮਨੁੱਖੀ ਅਧਿਕਾਰਾਂ (Human Rights) ਦੀ ਬਹਾਲੀ ਲਈ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਸਰਵਉੱਚ ਹੈ। ਚੁੱਘ ਨੇ ਕਿਹਾ ਕਿ ਅੱਜ ਪੂਰਾ ਦੇਸ਼ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕਰ ਰਿਹਾ ਹੈ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੇ ਲੋਕਾਂ ਦੀ ਚੜ੍ਹਦੀ ਕਲਾ ਅਤੇ ਸੂਬੇ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.