ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਕਥਿਤ ਵੀਡੀਓ ਦੇ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਲਈ ਪੁਲਿਸ ਹੈੱਡਕੁਆਰਟਰ ਪਹੁੰਚਿਆ। ਇਹ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਗਿਆ, ਜਿਸ ਵਿੱਚ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਕਈ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਸ਼ਾਮਲ ਸਨ।
ਵਫ਼ਦ ਨੇ ਡੀਜੀਪੀ ਕੋਲ ਮੰਗ ਰੱਖੀ ਕਿ ਮੁੱਖ ਮੰਤਰੀ ਦੀ ਕਥਿਤ ਜਾਅਲੀ ਵੀਡੀਓ ਬਣਾਉਣ ਅਤੇ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਪਹਿਲਾਂ ਪਾਰਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਸੀ ਕਿ ਲੈਬ ਰਿਪੋਰਟਾਂ ਅਨੁਸਾਰ ਇਹ ਵੀਡੀਓ ਫਰਜ਼ੀ ਹੈ ਅਤੇ ਇਸ ਨੂੰ ਰਾਜਨੀਤਿਕ ਸਾਜ਼ਿਸ਼ ਦੇ ਤੌਰ ‘ਤੇ ਲੋਕਾਂ ਵਿਚ ਭੜਕਾਉਣ ਲਈ ਵਰਤਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਇਸ ਮਾਮਲੇ ਲਈ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਇੱਕ ਸਾਜ਼ਿਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪਿੱਛੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਹੋ ਸਕਦਾ ਹੈ ਅਤੇ ਇਹ ਵੀ ਆਰੋਪ ਲਗਾਇਆ ਕਿ ਅਕਾਲੀ ਦਲ-ਭਾਜਪਾ ਦੇ ਰਾਜਕਾਲ ਦੌਰਾਨ ਪਵਿੱਤਰ ਗ੍ਰੰਥ ਨਾਲ ਜੁੜੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਨਾਲ ਉਨ੍ਹਾਂ ਦਾ ਇਤਿਹਾਸ ਵਿਵਾਦਾਂ ਨਾਲ ਜੁੜਿਆ ਰਿਹਾ ਹੈ।
Get all latest content delivered to your email a few times a month.