ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਨਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ 'ਤੇ ਬੇਇੱਜ਼ਤ ਕਰਨਾ ਨਾ ਸਿਰਫ਼ ਮੰਦਭਾਗਾ ਹੈ, ਸਗੋਂ ਸਿੱਖ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਣ ਵਾਲਾ ਕਦਮ ਵੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਅਤੇ ਕਿਰਪਾਨ ਸਿੱਖ ਧਰਮ ਦੇ ਅਟੁੱਟ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨਾ ਹਰ ਸਿੱਖ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀਆਂ ਰਿਪੋਰਟਾਂ ਮੁਤਾਬਕ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਝਗੜਾ ਕੀਤਾ ਗਿਆ, ਜਿਸ ਤੋਂ ਬਾਅਦ ਮਾਮਲਾ ਵਧ ਗਿਆ। ਪਰ ਪੁਲਿਸ ਨੇ ਨਿਰਪੱਖ ਜਾਂਚ ਕਰਨ ਦੀ ਬਜਾਏ ਇਕਪਾਸੜ ਕਾਰਵਾਈ ਕਰਦਿਆਂ ਸਿੱਖ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਦਿੱਤੇ।
SGPC ਪ੍ਰਧਾਨ ਨੇ ਉਤਰਾਖੰਡ ਸਰਕਾਰ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸਿੱਖ ਯਾਤਰੀਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਸਵੀਕਾਰ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਸਿੱਖ ਸੰਗਤ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਤੋਂ ਬਚਿਆ ਜਾਵੇ। ਨਾਲ ਹੀ ਸਥਾਨਕ ਸਿੱਖ ਆਗੂਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਪ੍ਰਭਾਵਿਤ ਨੌਜਵਾਨਾਂ ਲਈ ਇਨਸਾਫ਼ ਯਕੀਨੀ ਬਣਾਉਣ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। SGPC ਨੇ ਉਤਰਾਖੰਡ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਮਾਹੌਲ ਖਰਾਬ ਕਰਨ ਵਾਲੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਹੈ।
Get all latest content delivered to your email a few times a month.