IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ 'ਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

Admin User - Jun 22, 2026 06:52 PM
IMG

ਚੰਡੀਗੜ੍ਹ, 22 ਜੂਨ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ ਨੂੰ ਕੰਟਰੋਲ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਉਦਯੋਗਿਕ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ, ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ’ ਨੂੰ ਲਾਗੂ ਕਰਨ ਲਈ ਸਹਿਮਤੀ ਦਿੱਤੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਸਾਮੀ ਅਤੇ ਸਹਿਯੋਗੀ ਅਮਲੇ ਦੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ।

ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ `ਤੇ ਲਗਾਮ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਣ ਵਾਲੇ ਬੇਲੋੜੇ ਅਤੇ ਗੈਰ-ਵਾਜਿਬ ਵਾਧੇ ਨੂੰ ਕੰਟਰੋਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026` ਲਿਆਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ।”

ਇਹ ਆਰਡੀਨੈਂਸ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2016` ਵਿੱਚ ਸੋਧ ਕਰ ਕੇ ਲਿਆਂਦਾ ਗਿਆ ਹੈ।


ਇਸ ਕਦਮ ਦਾ ਉਦੇਸ਼ ਫੀਸਾਂ ਦੇ ਵਾਧੇ `ਤੇ ਪ੍ਰਭਾਵਸ਼ਾਲੀ ਕੰਟਰੋਲ ਰੱਖਣਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਨਮਰਜ਼ੀ ਦੇ ਫੀਸ ਵਾਧੇ ਤੋਂ ਸੁਰੱਖਿਆ ਪ੍ਰਦਾਨ ਕਰਨਾ, ਫੀਸਾਂ ਦੇ ਢਾਂਚੇ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।


ਇਨ੍ਹਾਂ ਸੋਧਾਂ ਦਾ ਮਕਸਦ ਫੀਸ, ਫੀਸ ਵਾਧੇ ਅਤੇ ਕੁੱਲ ਫੀਸ ਵਾਧੇ ਦੀ ਪਰਿਭਾਸ਼ਾ ਵਿੱਚ ਵਧੇਰੇ ਸਪੱਸ਼ਟਤਾ ਲਿਆਉਣਾ, ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਕੀਤੇ ਜਾਣ ਵਾਲੇ ਸਾਲਾਨਾ ਫੀਸ ਵਾਧੇ `ਤੇ ਪੰਜ ਫੀਸਦੀ ਦੀ ਹੱਦ ਲਗਾਉਣਾ ਅਤੇ ਪੰਜ ਫੀਸਦੀ ਤੋਂ ਵੱਧ ਕਿਸੇ ਵੀ ਫੀਸ ਵਾਧੇ ਲਈ ਰੈਗੂਲੇਟਰੀ ਬਾਡੀ ਦੀ ਅਗਾਊਂ ਪ੍ਰਵਾਨਗੀ ਲਾਜ਼ਮੀ ਕਰਨਾ ਹੈ।


ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕੈਪੀਟਲ ਸਬਸਿਡੀ/ਨਿਵੇਸ਼ ਰਿਆਇਤਾਂ ਦੀ ਵੰਡ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਨੂੰ ਮਨਜ਼ੂਰੀ


ਇਕ ਹੋਰ ਅਹਿਮ ਫੈਸਲੇ ਵਿੱਚ ਕੈਬਨਿਟ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਦੀਆਂ ਉਦਯੋਗਿਕ ਨੀਤੀਆਂ ਤਹਿਤ ਕੈਪੀਟਲ ਸਬਸਿਡੀ/ਨਿਵੇਸ਼ ਰਿਆਇਤਾਂ ਦੀ ਵੰਡ ਲਈ 13 ਨਵੰਬਰ, 2019 ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕਰਨ ਦੀ ਸਹਿਮਤੀ ਵੀ ਦਿੱਤੀ। ਇਨ੍ਹਾਂ ਸੋਧਾਂ ਦਾ ਉਦੇਸ਼ ਸਬਸਿਡੀ ਦੀ ਵੰਡ ਪ੍ਰਕਿਰਿਆ ਨੂੰ ਸਰਲ ਅਤੇ ਸੁਚਾਰੂ ਬਣਾਉਣਾ, ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨਾ ਅਤੇ ਯੋਗ ਉਦਯੋਗਿਕ ਇਕਾਈਆਂ ਵਿੱਚ ਇਕਸਾਰਤਾ ਯਕੀਨੀ ਬਣਾਉਣਾ ਹੈ।


ਸੋਧੇ ਹੋਏ ਢਾਂਚੇ ਤਹਿਤ ਦਿਸ਼ਾ-ਨਿਰਦੇਸ਼ਾਂ ਦੀਆਂ ਧਾਰਾਵਾਂ 1.1 ਅਤੇ 1.2 ਦੀ ਛੋਟ ਤੋਂ ਬਾਅਦ ਯੋਗ ਬਣਨ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਅਤੇ ਨਿਰਧਾਰਤ ਸ਼ਰਤਾਂ ਨੂੰ ਪੂਰਾ ਕਰਨ ਦੇ ਅਧਾਰ `ਤੇ ਕੈਪੀਟਲ ਸਬਸਿਡੀ ਜਾਰੀ ਕੀਤੀ ਜਾਵੇਗੀ।




ਪੰਜਾਬ ਵਿੱਚ ਐਸ.ਡੀ.ਆਈ.ਪੀ. ਲਾਗੂ ਕਰਨ ਲਈ ਸਹਿਮਤੀ 


ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਕਈ ਡੇਟਾਬੇਸਾਂ ਨੂੰ ਆਪਸ ਵਿੱਚ ਜੋੜਨ, ਕਿਸੇ ਵੀ ਤਰ੍ਹਾਂ ਦੇ ਦੁਹਰਾਅ ਤੋਂ ਬਚਣ ਅਤੇ ਮੌਜੂਦਾ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਪੰਜਾਬ ਵਿੱਚ ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ` ਲਾਗੂ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ।


ਪ੍ਰਾਜੈਕਟ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਤਿੰਨ-ਪੱਧਰੀ ਸੰਚਾਲਨ ਕਮੇਟੀ ਦਾ ਗਠਨ ਕੀਤਾ ਜਾਵੇਗਾ।


ਇਸ ਸੰਚਾਲਨ ਕਮੇਟੀ ਵਿੱਚ ਪੰਜਾਬ ਦੇ ਮੁੱਖ ਸਕੱਤਰ ਚੇਅਰਪਰਸਨ ਵਜੋਂ, ਪ੍ਰਬੰਧਕੀ ਸਕੱਤਰ (ਗੁੱਡ ਗਵਰਨੈਂਸ) ਮੈਂਬਰ-ਕਨਵੀਨਰ ਵਜੋਂ ਅਤੇ ਹੋਰ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਕਮੇਟੀ ਦੇ ਮੈਂਬਰਾਂ ਵਜੋਂ ਸ਼ਾਮਲ ਹੋਣਗੇ।



ਦਸੂਹਾ ਸਬ-ਡਿਵੀਜ਼ਨ ਲਈ ਏ.ਡੀ.ਸੀ. (ਜਨਰਲ) ਅਤੇ ਸਹਿਯੋਗੀ ਸਟਾਫ਼ ਦੀਆਂ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ


ਕੈਬਨਿਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਯਾਨੀ ਏ.ਡੀ.ਸੀ. ਅਤੇ ਹੋਰ ਸਹਿਯੋਗੀ ਸਟਾਫ਼ ਦੀਆਂ ਅਸਾਮੀਆਂ ਸਿਰਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।


ਇਸ ਨਾਲ ਇਲਾਕੇ ਦੇ ਉਨ੍ਹਾਂ ਲੋਕਾਂ ਨੂੰ ਬਹੁਤ ਵੱਡੀ ਮਦਦ ਮਿਲੇਗੀ, ਜਿਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਪ੍ਰਸ਼ਾਸਨਿਕ ਕੰਮਾਂ, ਪ੍ਰਵਾਨਗੀਆਂ, ਮਾਲੀਆ ਮਾਮਲਿਆਂ ਅਤੇ ਜਨਤਕ ਸ਼ਿਕਾਇਤਾਂ ਦੇ ਨਿਬੇੜੇ ਲਈ ਕਾਫ਼ੀ ਲੰਬਾ ਸਫ਼ਰ ਤੈਅ ਕਰਨਾ ਪੈਂਦਾ ਸੀ। ਇਸ ਕਾਰਨ ਲੋਕਾਂ ਦਾ ਸਮਾਂ ਤੇ ਪੈਸਾ ਬਰਬਾਦ ਹੁੰਦਾ ਸੀ ਅਤੇ ਜਨਤਾ ਨਾਲ ਜੁੜੇ ਮਾਮਲਿਆਂ ਦੇ ਨਿਬੇੜੇ ਵਿੱਚ ਵੀ ਦੇਰੀ ਹੁੰਦੀ ਸੀ।


ਇਸ ਲਈ ਇਸ ਖੇਤਰ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਦਸੂਹਾ ਸਬ-ਡਿਵੀਜ਼ਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਮੇਤ ਹੋਰ ਸਹਿਯੋਗੀ ਸਟਾਫ਼ ਦੀਆਂ ਪੰਜ ਅਸਾਮੀਆਂ ਸਿਰਜਣ ਦੀ ਸਹਿਮਤੀ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.