ਤਾਜਾ ਖਬਰਾਂ
ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਪੰਜਾਬ ਅੰਦਰ ਆਪਣੀਆਂ ਜ਼ਮੀਨਾਂ, ਜਾਇਦਾਦਾਂ, ਪ੍ਰਸ਼ਾਸਨਿਕ ਮਾਮਲਿਆਂ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਇੱਕ ਮਹੱਤਵਪੂਰਨ ਪਹਿਲ ਕੀਤੀ ਗਈ ਹੈ। ਇਸ ਤਹਿਤ ਮੋਹਾਲੀ ਵਿਖੇ ਇੱਕ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਖ਼ੁਦ ਪ੍ਰਵਾਸੀ ਭਾਰਤੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।
ਸਮਾਗਮ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਨਆਰਆਈ ਪੰਜਾਬੀ ਸੂਬੇ ਦੀ ਕੀਮਤੀ ਪੂੰਜੀ ਹਨ ਅਤੇ ਸਰਕਾਰ ਇਹ ਯਕੀਨੀ ਬਣਾਏਗੀ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਜਾਂ ਕਾਨੂੰਨੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਪ੍ਰਵਾਸੀ ਪੰਜਾਬੀਆਂ ਨੇ ਆਪਣੀਆਂ ਜ਼ਮੀਨਾਂ, ਜਾਇਦਾਦਾਂ ਅਤੇ ਸਰਕਾਰੀ ਕੰਮਾਂ ਨਾਲ ਜੁੜੀਆਂ ਸਮੱਸਿਆਵਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਇਸ ਮੌਕੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਡਾ. ਰਵਜੋਤ ਸਿੰਘ ਨੇ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਤੇਜ਼ੀ ਨਾਲ ਨਿਪਟਾਰਾ ਕੀਤਾ ਜਾਵੇ, ਤਾਂ ਜੋ ਪ੍ਰਵਾਸੀ ਭਾਰਤੀਆਂ ਨੂੰ ਬੇਲੋੜੇ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।
ਪ੍ਰਵਾਸੀ ਭਾਰਤੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਾਲ ਸਿੱਧੀ ਗੱਲਬਾਤ ਦਾ ਇਹ ਮੰਚ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਨਾਲ ਉਨ੍ਹਾਂ ਦਾ ਸਰਕਾਰੀ ਪ੍ਰਣਾਲੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
Get all latest content delivered to your email a few times a month.