ਤਾਜਾ ਖਬਰਾਂ
ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਸੀਨੀਅਰ ਡਾਕਟਰ ਅਤੇ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਬੀਤੇ ਸੋਮਵਾਰ ਦੇਰ ਰਾਤ ਹੋਏ ਕਥਿਤ ਪੈਟਰੋਲ ਬੰਬ ਹਮਲੇ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਘਟਨਾ ਦੀ ਤਿੱਖੀ ਨਿੰਦਾ ਕਰਦਿਆਂ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਘਟਨਾ ਤੋਂ ਬਾਅਦ ਸਰੂਪ ਚੰਦ ਸਿੰਗਲਾ ਡਾ. ਤਰਸੇਮ ਗਰਗ ਦੇ ਕਲੀਨਿਕ ਪਹੁੰਚੇ, ਜਿੱਥੇ ਉਨ੍ਹਾਂ ਨੇ ਪੀੜਤ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਅਪਰਾਧੀ ਤੱਤ ਬਿਨਾਂ ਕਿਸੇ ਡਰ ਦੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।
ਸਿੰਗਲਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਭਾਜਪਾ ਦਾ ਵਧਦਾ ਜਨ ਆਧਾਰ ਕੁਝ ਰਾਜਨੀਤਿਕ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ, ਜਿਸ ਕਾਰਨ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਦਬਾਅ ਅੱਗੇ ਝੁਕਣ ਵਾਲੀ ਨਹੀਂ ਅਤੇ ਪਾਰਟੀ ਆਪਣੇ ਕਾਰਕੁਨਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇਗੀ।
ਭਾਜਪਾ ਆਗੂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਗਹਿਰਾਈ ਨਾਲ ਜਾਂਚ ਕਰਵਾਉਣ ਲਈ ਇਸ ਨੂੰ ਐਨਆਈਏ ਦੇ ਹਵਾਲੇ ਕੀਤਾ ਜਾਵੇ, ਤਾਂ ਜੋ ਹਮਲੇ ਦੇ ਪਿੱਛੇ ਦੀ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਨੂੰ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਅਪਰਾਧਿਕ ਤੱਤਾਂ 'ਤੇ ਨਕੇਲ ਕੱਸਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਘਟਨਾ ਨੂੰ ਗੰਭੀਰ ਸੁਰੱਖਿਆ ਚੁਣੌਤੀ ਕਰਾਰ ਦਿੰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਨਾ ਹੋਈ ਤਾਂ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਹੋ ਸਕਦਾ ਹੈ, ਜਿਸ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਹੋਰ ਪ੍ਰਭਾਵਿਤ ਹੋਵੇਗੀ।
Get all latest content delivered to your email a few times a month.