ਤਾਜਾ ਖਬਰਾਂ
ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਨਿਹੰਗ ਸਿੱਖਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਪੈਦਾ ਹੋਏ ਤਣਾਅ ਨੂੰ ਘਟਾਉਣ ਲਈ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਅਹਿਮ ਬੈਠਕ ਹੋਈ। ਇਹ ਸ਼ਾਂਤੀ ਗੱਲਬਾਤ ਇਤਿਹਾਸਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਈ, ਜਿਸ ਵਿੱਚ ਦੋਵੇਂ ਧਿਰਾਂ ਨੇ ਮੌਜੂਦਾ ਹਾਲਾਤਾਂ ਨੂੰ ਸੁਧਾਰਨ ਲਈ ਆਪਸੀ ਸਹਿਮਤੀ ਬਣਾਈ।
ਬੈਠਕ ਦੌਰਾਨ ਉੱਤਰਾਖੰਡ ਪ੍ਰਸ਼ਾਸਨ ਨੇ ਨਿਹੰਗ ਸਿੱਖਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ 'ਤੇ ਕਾਨੂੰਨੀ ਅਤੇ ਨਿਰਪੱਖ ਢੰਗ ਨਾਲ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਇਸ ਲਈ ਦੋ ਦਿਨਾਂ ਦਾ ਸਮਾਂ ਮੰਗਿਆ, ਜਿਸ ਤੋਂ ਬਾਅਦ ਮੰਗਾਂ ਦੇ ਨਿਪਟਾਰੇ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਨਿਹੰਗ ਸਿੰਘਾਂ ਨੇ ਫਿਲਹਾਲ ਉੱਤਰਾਖੰਡ ਵਿੱਚ ਅੱਗੇ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਹੀ ਰਹਿ ਕੇ ਉਡੀਕ ਕਰਨ 'ਤੇ ਸਹਿਮਤੀ ਜਤਾਈ।
ਹਰਿਦੁਆਰ ਦੇ ਐਸਐਸਪੀ ਨਵਨੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਿਹੰਗ ਸਿੱਖਾਂ ਨੇ ਆਪਣੀਆਂ ਮੰਗਾਂ ਦਾ ਲਿਖਤੀ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਹੈ ਅਤੇ ਹਰ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਰਨਪ੍ਰਯਾਗ ਵਿੱਚ ਵਾਪਰੀ ਝੜਪ ਦੀ ਨਿਰਪੱਖ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜੋ ਸਾਰੇ ਤੱਥਾਂ ਦੀ ਜਾਂਚ ਕਰੇਗੀ।
ਦੂਜੇ ਪਾਸੇ ਨਿਹੰਗ ਸਿੱਖਾਂ ਨੇ ਵੀ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਪੂਰੀ ਤਰ੍ਹਾਂ ਸ਼ਾਂਤੀ ਬਣਾਈ ਰੱਖਣਗੇ ਅਤੇ ਕਿਸੇ ਵੀ ਤਰ੍ਹਾਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਸਮੇਂ ਦਾ ਸਤਿਕਾਰ ਕਰਨਗੇ ਅਤੇ ਦੋ ਦਿਨਾਂ ਤੱਕ ਧੀਰਜ ਨਾਲ ਉਡੀਕ ਕਰਨਗੇ।
ਨਿਹੰਗ ਸਿੰਘ ਜਗਦੀਪ ਸਿੰਘ ਅਕਾਲੀ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਗ੍ਰਿਫ਼ਤਾਰ ਕੀਤੇ ਨਿਹੰਗ ਸਿੱਖਾਂ ਦੀ ਰਿਹਾਈ ਸਮੇਤ ਸਾਰੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਦੋ ਦਿਨਾਂ ਦੇ ਅੰਦਰ ਕੋਈ ਸੰਤੋਸ਼ਜਨਕ ਹੱਲ ਨਾ ਨਿਕਲਿਆ ਜਾਂ ਗ੍ਰਿਫ਼ਤਾਰ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ, ਤਾਂ ਉਹ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਉਦੇਸ਼ ਆਪਣੇ ਗ੍ਰਿਫ਼ਤਾਰ ਸਾਥੀਆਂ ਨੂੰ ਰਿਹਾਅ ਕਰਵਾ ਕੇ ਉਨ੍ਹਾਂ ਨੂੰ ਆਪਣੇ ਨਾਲ ਪੰਜਾਬ ਵਾਪਸ ਲੈ ਕੇ ਆਉਣਾ ਹੈ।
ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਇਸ ਸਹਿਮਤੀ ਤੋਂ ਬਾਅਦ ਫਿਲਹਾਲ ਇਲਾਕੇ ਵਿੱਚ ਮਾਹੌਲ ਸ਼ਾਂਤਮਈ ਬਣਿਆ ਹੋਇਆ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਪ੍ਰਸ਼ਾਸਨ ਵੱਲੋਂ ਦੋ ਦਿਨਾਂ ਵਿੱਚ ਕੀਤੇ ਜਾਣ ਵਾਲੇ ਅਗਲੇ ਫੈਸਲਿਆਂ 'ਤੇ ਟਿਕੀਆਂ ਹੋਈਆਂ ਹਨ।
Get all latest content delivered to your email a few times a month.