IMG-LOGO
ਹੋਮ ਪੰਜਾਬ, ਰਾਸ਼ਟਰੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਤਬਦੀਲੀ ਦਾ ਫ਼ੈਸਲਾ ਵਾਪਸ...

ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 'ਚ ਤਬਦੀਲੀ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ, ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ਹਰਸਿਮਰਤ ਕੌਰ ਬਾਦਲ

Admin User - Jun 26, 2026 05:36 PM
IMG

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖੁਦਮੁਖਤਿਆਰੀ ਨੂੰ ਪ੍ਰਭਾਵਿਤ ਕਰਨ ਵਾਲਾ ਕੋਈ ਵੀ ਕਦਮ ਸਿੱਖ ਭਾਈਚਾਰੇ ਦੀ ਸਹਿਮਤੀ ਤੋਂ ਬਿਨਾਂ ਨਹੀਂ ਚੁੱਕਿਆ ਜਾਣਾ ਚਾਹੀਦਾ।

ਬੀਬਾ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰੇ ਵਿੱਚ ਇਸ ਗੱਲ ਨੂੰ ਲੈ ਕੇ ਗੰਭੀਰ ਚਿੰਤਾ ਹੈ ਕਿ ਬੋਰਡ ਦੇ ਢਾਂਚੇ ਵਿੱਚ ਵੱਡੀਆਂ ਤਬਦੀਲੀਆਂ ਸਿੱਖ ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਹਜ਼ੂਰ ਸੱਚਖੰਡ ਦੀਵਾਨ ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਇਹ ਧਾਰਨਾ ਮਜ਼ਬੂਤ ਹੋ ਰਹੀ ਹੈ ਕਿ ਸਰਕਾਰ ਬੋਰਡ ਦੀ ਧਾਰਮਿਕ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਕੇ ਉਸ 'ਤੇ ਆਪਣਾ ਪ੍ਰਭਾਵ ਵਧਾਉਣਾ ਚਾਹੁੰਦੀ ਹੈ, ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

ਉਨ੍ਹਾਂ ਯਾਦ ਦਿਵਾਇਆ ਕਿ ਫਰਵਰੀ 2024 ਵਿੱਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਐਕਟ ਵਿੱਚ ਸੋਧ ਕਰਕੇ ਸਰਕਾਰ ਨੂੰ 17 ਵਿੱਚੋਂ 12 ਬੋਰਡ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ, ਜਿਸ ਨਾਲ ਐੱਸਜੀਪੀਸੀ ਦੀ ਨੁਮਾਇੰਦਗੀ ਘਟਾ ਦਿੱਤੀ ਗਈ ਅਤੇ ਚੀਫ਼ ਖ਼ਾਲਸਾ ਦੀਵਾਨ ਤੇ ਹਜ਼ੂਰ ਸੱਚਖੰਡ ਦੀਵਾਨ ਦੀ ਨੁਮਾਇੰਦਗੀ ਖਤਮ ਕਰ ਦਿੱਤੀ ਗਈ ਸੀ। ਉਸ ਸਮੇਂ ਸਿੱਖ ਸੰਗਠਨਾਂ ਦੇ ਤਿੱਖੇ ਵਿਰੋਧ ਤੋਂ ਬਾਅਦ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਹੁਣ ਨਵੇਂ ਖਰੜੇ ਰਾਹੀਂ ਮੁੜ ਇਸੇ ਤਰ੍ਹਾਂ ਦੀਆਂ ਤਬਦੀਲੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮਰਯਾਦਾ, ਪ੍ਰਬੰਧਨ ਅਤੇ ਧਾਰਮਿਕ ਖੁਦਮੁਖਤਿਆਰੀ ਨਾਲ ਜੁੜਿਆ ਹਰ ਫ਼ੈਸਲਾ ਸਿੱਖ ਭਾਈਚਾਰੇ ਦੀ ਸਹਿਮਤੀ ਨਾਲ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿੱਚ 'ਗੁਰੂਮਤਾ' ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੁਰਾਣੇ ਐਕਟ ਨੂੰ ਜਾਰੀ ਰੱਖਣ ਦੀ ਮੰਗ ਕੀਤੀ ਗਈ ਹੈ।


ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੱਤ ਦਹਾਕਿਆਂ ਤੋਂ ਲਾਗੂ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਬਰਕਰਾਰ ਰੱਖਿਆ ਜਾਵੇ ਅਤੇ ਨਵੇਂ ਖਰੜੇ ਨੂੰ ਤੁਰੰਤ ਵਾਪਸ ਲਿਆ ਜਾਵੇ। ਬੀਬਾ ਬਾਦਲ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਵੇਗਾ, ਸਗੋਂ ਬੇਲੋੜੇ ਵਿਵਾਦ ਅਤੇ ਤਣਾਅ ਨੂੰ ਵੀ ਟਾਲਿਆ ਜਾ ਸਕੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੀ ਬਜਾਏ ਪਰੰਪਰਾਵਾਂ ਅਤੇ ਭਾਈਚਾਰੇ ਦੀ ਰਾਇ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.