IMG-LOGO
ਹੋਮ ਪੰਜਾਬ: ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ...

ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਆਰੋਪ, ਸੁਖਬੀਰ ਬਾਦਲ ਖ਼ਿਲਾਫ਼ ਵੀ ਮਤਾ ਲਿਆਉਣ ਦੀ ਕੀਤੀ ਮੰਗ

Admin User - Jun 27, 2026 11:35 AM
IMG

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਬਾਦਲ), ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ SGPC ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜਾਰੀ ਹੋਏ ਹੁਕਮਨਾਮੇ ਨੂੰ ਪਿੰਡ ਪੱਧਰ ਤੱਕ ਲਾਗੂ ਕਰਵਾਉਣ ਲਈ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਪਰ 2 ਦਸੰਬਰ ਦੇ ਹੁਕਮਨਾਮੇ ਤੋਂ ਕਥਿਤ ਤੌਰ 'ਤੇ ਮੁੱਕਰਨ ਵਾਲੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਦੇ ਵੀ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਅੱਜ ਦੇ ਇਜਲਾਸ ਵਿੱਚ ਭਗਵੰਤ ਮਾਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਮਤਾ ਪਾਸ ਕੀਤਾ ਜਾਵੇ ਅਤੇ ਢਾਡੀਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੂੰ ਉਸ ਸਬੰਧੀ ਵੀ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਜਾਣ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ SGPC ਦੀ ਗੋਲਕ ਦਾ ਪੈਸਾ ਰਾਜਨੀਤਿਕ ਪੋਸਟਰਬਾਜ਼ੀ 'ਤੇ ਖਰਚ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਵਿੱਚ ਧੜੇਬੰਦੀ ਅਤੇ ਟਕਰਾਅ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਪੋਸਟਰ ਮੁਹਿੰਮ 'ਤੇ ਤੁਰੰਤ ਰੋਕ ਲਗਾਈ ਜਾਵੇ। ਉਨ੍ਹਾਂ ਅੱਜ ਅੰਮ੍ਰਿਤਸਰ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਤਿੰਨ ਸਵਾਲ ਵੀ ਪੁੱਛੇ। ਪਹਿਲਾ, 2015 ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 24 ਘੰਟਿਆਂ ਵਿੱਚ ਸਜ਼ਾ ਦੇਣ ਦੇ ਵਾਅਦੇ ਦਾ ਕੀ ਬਣਿਆ? ਦੂਜਾ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੱਲ ਰਹੇ ਵਿਵਾਦ 'ਤੇ ਉਹ ਆਪਣਾ ਸਟੈਂਡ ਸਪਸ਼ਟ ਕਰਨ। ਤੀਜਾ, ਮਹਿਲਾਵਾਂ ਨੂੰ 1000/1500 ਰੁਪਏ ਦੇਣ ਦਾ ਵਾਅਦਾ ਸਾਢੇ ਚਾਰ ਸਾਲ ਤੱਕ ਕਿਉਂ ਨਹੀਂ ਨਿਭਾਇਆ ਗਿਆ ਅਤੇ ਹੁਣ ਚੋਣਾਂ ਤੋਂ ਪਹਿਲਾਂ ਕਰਜ਼ਾ ਲੈ ਕੇ ਇਹ ਯੋਜਨਾ ਕਿਉਂ ਲਾਗੂ ਕੀਤੀ ਜਾ ਰਹੀ ਹੈ।


ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰਾਂ ਦੀ ਸੋਸ਼ਲ ਮੀਡੀਆ 'ਤੇ ਹੋ ਰਹੀ ਕਿਰਦਾਰਕੁਸ਼ੀ ਨਿੰਦਣਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਵੀ ਅਜਿਹੀ ਮੁਹਿੰਮ ਚਲਾਈ ਗਈ ਸੀ, ਜਿਸ ਕਾਰਨ ਅੱਜ ਧਾਰਮਿਕ ਸੰਸਥਾਵਾਂ ਦਾ ਮਾਣ ਘਟਾਉਣ ਦੀ ਪ੍ਰਵਿਰਤੀ ਵਧੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਸ ਨੂੰ ਰਾਜਨੀਤਿਕ ਲੜਾਈਆਂ ਤੋਂ ਦੂਰ ਰੱਖਿਆ ਜਾਵੇ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਨਾਲ ਜੁੜੇ ਕਾਨੂੰਨ ਵਿੱਚ ਸੰਭਾਵਿਤ ਤਬਦੀਲੀਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦਾ ਆਰਟੀਕਲ 26 ਹਰ ਧਰਮ ਨੂੰ ਆਪਣੇ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਖੁਦ ਕਰਨ ਦਾ ਅਧਿਕਾਰ ਦਿੰਦਾ ਹੈ। ਜੇਕਰ ਮਹਾਰਾਸ਼ਟਰ ਸਰਕਾਰ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਵਧਾਉਂਦੀ ਹੈ ਤਾਂ ਇਹ ਸੰਵਿਧਾਨ ਦੀ ਭਾਵਨਾ ਦੇ ਉਲਟ ਹੋਵੇਗਾ ਅਤੇ ਇਸ ਦਾ ਸਿੱਖ ਕੌਮ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ SGPC ਚੋਣਾਂ ਜਲਦ ਕਰਵਾਉਣ ਦੀ ਵੀ ਮੰਗ ਦੁਹਰਾਈ ਅਤੇ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ ਹਨ, ਪਰ ਸਾਰੀਆਂ ਧਿਰਾਂ ਨੂੰ ਇਮਾਨਦਾਰੀ ਨਾਲ ਅੱਗੇ ਆਉਣਾ ਚਾਹੀਦਾ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.