ਤਾਜਾ ਖਬਰਾਂ
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ 16 ਜੂਨ ਨੂੰ ਨਿਹੰਗ ਸਿੱਖਾਂ ਅਤੇ ਸਥਾਨਕ ਨਿਵਾਸੀਆਂ ਵਿਚਕਾਰ ਹੋਈ ਝੜਪ ਨਾਲ ਜੁੜੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਚਾਰ ਨਿਹੰਗ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਗੋਪੇਸ਼ਵਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਮਨਜ਼ੂਰ ਕਰਦਿਆਂ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੰਧਿਆਚਲ ਸਿੰਘ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ।
ਗੌਰਤਲਬ ਹੈ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਹੋਈ ਝੜਪ ਤੋਂ ਬਾਅਦ ਪੁਲਿਸ ਨੇ ਚਾਰ ਨਿਹੰਗ ਸਿੱਖਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਨਿਹੰਗ ਸਿੱਖ ਉੱਤਰਾਖੰਡ ਸਰਹੱਦ ਨੇੜੇ ਇਕੱਠੇ ਹੋਏ ਅਤੇ ਗ੍ਰਿਫ਼ਤਾਰ ਸਿੰਘਾਂ ਦੀ ਰਿਹਾਈ ਅਤੇ ਹੇਮਕੁੰਟ ਸਾਹਿਬ ਯਾਤਰਾ ਜਾਰੀ ਰੱਖਣ ਦੀ ਮੰਗ ਕੀਤੀ।
ਬਾਅਦ ਵਿੱਚ ਉੱਤਰਾਖੰਡ ਪ੍ਰਸ਼ਾਸਨ ਅਤੇ ਨਿਹੰਗ ਸਿੱਖਾਂ ਵਿਚਾਲੇ ਹੋਈ ਗੱਲਬਾਤ ਦੌਰਾਨ ਸਹਿਮਤੀ ਬਣੀ, ਜਿਸ ਤਹਿਤ ਪ੍ਰਸ਼ਾਸਨ ਨੇ ਦੋ ਦਿਨਾਂ ਦੇ ਅੰਦਰ ਮੰਗਾਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਨਿਹੰਗ ਸਿੱਖਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਐਲਾਨ ਕਰਦਿਆਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਹੀ ਉਡੀਕ ਕਰਨ ਦਾ ਫ਼ੈਸਲਾ ਕੀਤਾ। ਨਾਲ ਹੀ, ਪ੍ਰਸ਼ਾਸਨ ਵੱਲੋਂ ਕਰਨਪ੍ਰਯਾਗ ਝੜਪ ਦੀ ਨਿਰਪੱਖ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਵੀ ਕੀਤਾ ਗਿਆ ਹੈ। ਹੁਣ ਅਦਾਲਤ ਵੱਲੋਂ ਜ਼ਮਾਨਤ ਮਿਲਣ ਨਾਲ ਇਸ ਮਾਮਲੇ ਵਿੱਚ ਇੱਕ ਅਹਿਮ ਕਾਨੂੰਨੀ ਵਿਕਾਸ ਸਾਹਮਣੇ ਆਇਆ ਹੈ, ਜਦਕਿ ਘਟਨਾ ਦੀ ਜਾਂਚ ਅਜੇ ਵੀ ਜਾਰੀ ਹੈ।
Get all latest content delivered to your email a few times a month.