ਤਾਜਾ ਖਬਰਾਂ
ਕਰਨਾਲ ਦੀ ਸੀਆਈਏ-1 ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 8 ਗੈਰ-ਕਾਨੂੰਨੀ ਪਿਸਤੌਲ, 30 ਜ਼ਿੰਦਾ ਕਾਰਤੂਸ ਅਤੇ ਇੱਕ ਸਿਲੇਰੀਓ ਕਾਰ ਬਰਾਮਦ ਕੀਤੀ ਹੈ। ਇਹ ਕਾਰਵਾਈ ਐੱਸਪੀ ਕਰਨਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਆਈਏ-1 ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਦੀ ਅਗਵਾਈ ਵਿੱਚ ਭਰੋਸੇਯੋਗ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ।
ਪ੍ਰੈੱਸ ਕਾਨਫਰੰਸ ਦੌਰਾਨ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ 29 ਜੂਨ 2026 ਨੂੰ ਰਿੰਗ ਰੋਡ 'ਤੇ ਪਿੰਡ ਕੁਟੇਲ ਨੇੜੇ ਨਾਕਾਬੰਦੀ ਦੌਰਾਨ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਕਾਰ ਵਿੱਚ ਸਵਾਰ ਪੰਜੇ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ। ਇਸ ਮਾਮਲੇ ਵਿੱਚ ਥਾਣਾ ਮਧੁਬਨ, ਜ਼ਿਲ੍ਹਾ ਕਰਨਾਲ ਵਿੱਚ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਵਨ ਉਰਫ਼ ਪੋੰਨਾ (ਰੋਹਤਕ), ਜਤਿਨ (ਰੋਹਤਕ), ਰਾਹੁਲ (ਸੋਨੀਪਤ), ਨਵਦੀਪ (ਪਾਣੀਪਤ) ਅਤੇ ਕਪਿਲ (ਪਾਣੀਪਤ) ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਵਨ ਉਰਫ਼ ਪੋੰਨਾ ਖ਼ਿਲਾਫ਼ ਪਹਿਲਾਂ ਵੀ ਇੱਕ ਅਪਰਾਧਿਕ ਮਾਮਲਾ ਦਰਜ ਹੈ, ਜਦਕਿ ਬਾਕੀ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ, ਸਪਲਾਈ ਚੇਨ ਅਤੇ ਇਸ ਰੈਕੇਟ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਬਰਾਮਦ ਕੀਤੇ ਗਏ ਹਥਿਆਰ ਅਤੇ ਕਾਰ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
Get all latest content delivered to your email a few times a month.