ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਆਉਣ ਵਾਲੀਆਂ ਮਿਉਂਸਪਲ ਚੋਣਾਂ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਵੱਖ-ਵੱਖ ਥਾਵਾਂ 'ਤੇ ਹੋਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਜਲਾਲਾਬਾਦ ਵਿੱਚ ਰਿਕਾਰਡ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਉਸ ਦੌਰਾਨ ਸ਼ਹਿਰ ਵਿੱਚ ਸੜਕਾਂ ਦਾ ਜਾਲ ਵਿਛਾਇਆ ਗਿਆ, ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕਰੀਬ ਸਾਢੇ ਨੌਂ ਸਾਲਾਂ ਤੋਂ ਵਿਕਾਸ ਦੇ ਇਹ ਕੰਮ ਰੁਕ ਗਏ ਹਨ।
ਸੁਖਬੀਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ 'ਤੇ ਜਲਾਲਾਬਾਦ ਦੇ ਲੋਕਾਂ ਨਾਲ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਲੋਕਾਂ ਦਾ ਭਰੋਸਾ ਤੋੜਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮਿਉਂਸਪਲ ਚੋਣਾਂ ਵਿੱਚ ਅਕਾਲੀ ਦਲ ਨੂੰ ਸਮਰਥਨ ਮਿਲਦਾ ਹੈ ਤਾਂ ਸ਼ਹਿਰ ਅਤੇ ਹਲਕੇ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ।
ਇਸ ਦੌਰਾਨ ਬਾਦਲ ਨੇ ਮਹਿਲਾਵਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕਈ ਔਰਤਾਂ ਨੇ ਸ਼ਿਕਾਇਤ ਕੀਤੀ ਕਿ ਸਰਕਾਰ ਵੱਲੋਂ ਸਿੱਧੇ ਖਾਤਿਆਂ ਵਿੱਚ ਪੈਸੇ ਭੇਜਣ ਦੇ ਦਾਅਵੇ ਹਕੀਕਤ ਵਿੱਚ ਪੂਰੇ ਨਹੀਂ ਹੋਏ। ਬਾਦਲ ਨੇ ਦਾਅਵਾ ਕੀਤਾ ਕਿ ਸਰਕਾਰ ਮਹਿਲਾਵਾਂ ਦੇ 55-55 ਹਜ਼ਾਰ ਰੁਪਏ ਦੀ ਬਕਾਇਆ ਹੈ ਅਤੇ ਤਿੰਨ ਮਹੀਨਿਆਂ ਬਾਅਦ ਦਿੱਤੇ ਜਾਣ ਵਾਲੇ 3-3 ਹਜ਼ਾਰ ਰੁਪਏ ਨੂੰ ਉਨ੍ਹਾਂ ਨੇ ਬਣਦੀ ਰਕਮ ਦੇ ਵਿਆਜ਼ ਤੋਂ ਵੀ ਘੱਟ ਕਰਾਰ ਦਿੱਤਾ। ਮਹਿਲਾਵਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਅਤੇ ਆਟਾ-ਦਾਲ ਸਕੀਮ ਵਰਗੀਆਂ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਨਹੀਂ ਮਿਲ ਰਿਹਾ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਆਟਾ-ਦਾਲ ਸਕੀਮ ਤਹਿਤ 30 ਕਿਲੋ ਆਟਾ 4 ਰੁਪਏ ਪ੍ਰਤੀ ਕਿਲੋ ਅਤੇ ਦਾਲ 20 ਰੁਪਏ ਪ੍ਰਤੀ ਕਿਲੋ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਮਜ਼ੋਰ ਵਰਗਾਂ ਦੀਆਂ ਧੀਆਂ ਲਈ ਸ਼ਗਨ ਸਕੀਮ ਦੀ ਰਕਮ ਵਧਾ ਕੇ ਇੱਕ ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ 3,500 ਰੁਪਏ ਪ੍ਰਤੀ ਮਹੀਨਾ ਕਰਨ ਦਾ ਵੀ ਵਾਅਦਾ ਕੀਤਾ। ਇਸ ਮੌਕੇ ਉਹ ਸੀਨੀਅਰ ਆਗੂ ਅਸ਼ੋਕ ਅਨੇਜਾ ਅਤੇ ਪ੍ਰੇਮ ਵਲੇਚਾ ਦੇ ਨਿਵਾਸ ਸਥਾਨ 'ਤੇ ਵੀ ਪਹੁੰਚੇ, ਜਿੱਥੇ ਹਲਕਾ ਇੰਚਾਰਜ ਸਤਿੰਦਰ ਸਿੰਘ ਘੰਟਾ ਵੀ ਮੌਜੂਦ ਸਨ।
Get all latest content delivered to your email a few times a month.