ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਐਂਟਰੀ ਟੈਕਸ ਦੇ ਵਿਰੋਧ ਵਿੱਚ ਚੱਲ ਰਿਹਾ ਸੰਘਰਸ਼ ਹੁਣ ਹੋਰ ਤੇਜ਼ ਹੋਣ ਜਾ ਰਿਹਾ ਹੈ। ਕਰੀਬ ਇੱਕ ਮਹੀਨੇ ਦੀ ਸ਼ਾਂਤੀ ਤੋਂ ਬਾਅਦ ਐਤਵਾਰ ਨੂੰ ਨੂਰਪੁਰ ਬੇਦੀ ਵਿੱਚ ਕਿਸਾਨ, ਟੈਕਸੀ ਅਤੇ ਧਾਰਮਿਕ ਜਥੇਬੰਦੀਆਂ ਨੇ ਸਾਂਝੇ ਮੰਚ ‘ਤੇ ਇਕੱਠੇ ਹੋ ਕੇ 26 ਜੁਲਾਈ ਤੋਂ ਘਨੌਲੀ-ਨਾਲਾਗੜ੍ਹ ਸਟੇਟ ਹਾਈਵੇ ਸਥਿਤ ਢੇਰੋਵਾਲ ਐਂਟਰੀ ਟੋਲ ਨਾਕੇ ‘ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ।
ਪੁਰਾਣੇ ਬੱਸ ਸਟੈਂਡ ਚੌਂਕ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਆਜ਼ਾਦ ਟੈਕਸੀ ਯੂਨੀਅਨ, ਨੂਰਪੁਰ ਬੇਦੀ ਟੈਕਸੀ ਯੂਨੀਅਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਕਿਸੇ ਸੂਬੇ ਜਾਂ ਲੋਕਾਂ ਦੇ ਵਿਰੁੱਧ ਨਹੀਂ, ਸਗੋਂ ਹਿਮਾਚਲ ਸਰਕਾਰ ਦੀ ਉਸ ਨੀਤੀ ਦੇ ਖ਼ਿਲਾਫ਼ ਹੈ, ਜਿਸ ਕਾਰਨ ਪੰਜਾਬ ਨਾਲ ਲੱਗਦੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ, ਟੈਕਸੀ ਚਾਲਕਾਂ, ਵਪਾਰੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਬਾਰ-ਬਾਰ ਮੰਗਾਂ ਉਠਾਉਣ ਦੇ ਬਾਵਜੂਦ ਹਿਮਾਚਲ ਸਰਕਾਰ ਨੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਐਂਟਰੀ ਟੈਕਸ ਦਾ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਅੰਦੋਲਨ ਨੂੰ ਹੋਰ ਵਿਆਪਕ ਕੀਤਾ ਜਾਵੇਗਾ ਅਤੇ ਇਸ ਦਾ ਪ੍ਰਭਾਵ ਹਿਮਾਚਲ ਦੇ ਉਦਯੋਗਿਕ ਖੇਤਰਾਂ ਤੱਕ ਵੀ ਪਹੁੰਚਾਇਆ ਜਾਵੇਗਾ।
Get all latest content delivered to your email a few times a month.