ਤਾਜਾ ਖਬਰਾਂ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਇੱਕ ਵਿਸ਼ੇਸ਼ ਧਾਰਮਿਕ ਅਤੇ ਸਮਾਜਿਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਆਧਾਰਿਤ ਅੱਧੇ ਘੰਟੇ ਦੀ ਦਸਤਾਵੇਜ਼ੀ ਫਿਲਮ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ 50 ਪ੍ਰਚਾਰ ਵੈਨਾਂ ਰਾਹੀਂ ਲੋਕਾਂ ਤੱਕ ਪਹੁੰਚਾਈ ਜਾਵੇਗੀ। ਇਸ ਮੁਹਿੰਮ ਦਾ ਆਗਾਜ਼ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਹੋਇਆ, ਜਿੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਨੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ETO ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮਕਸਦ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਫਿਲਮ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਬਣੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਵੀ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਮੈਰਾਥਨ, ਸਾਈਕਲ ਰੈਲੀ ਅਤੇ ਡਰੋਨ ਸ਼ੋਅ ਵਰਗੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 3 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ ਸੀ, ਜਦਕਿ ਆਉਣ ਵਾਲੇ ਦਿਨਾਂ ਵਿੱਚ ਜੰਮੂ ਤੋਂ ਸ਼ੁਰੂ ਹੋਣ ਵਾਲਾ ਨਗਰ ਕੀਰਤਨ ਵੀ ਅੰਮ੍ਰਿਤਸਰ ਵਿੱਚੋਂ ਲੰਘੇਗਾ।
ਹਰਭਜਨ ਸਿੰਘ ETO ਨੇ ਕਿਹਾ ਕਿ ਪ੍ਰਚਾਰ ਵੈਨਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ, ਕਸਬਿਆਂ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣਗੀਆਂ। ਮੁਹਿੰਮ ਦੇ ਪਹਿਲੇ ਦਿਨ ਅੰਮ੍ਰਿਤਸਰ, ਬਾਬਾ ਬਕਾਲਾ ਸਾਹਿਬ ਅਤੇ ਅਜਨਾਲਾ ਸਮੇਤ ਕਈ ਖੇਤਰਾਂ ਵਿੱਚ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਦਾ ਉਦੇਸ਼ ਇਸ ਮੁਹਿੰਮ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਬਰਾਬਰੀ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
Get all latest content delivered to your email a few times a month.