ਤਾਜਾ ਖਬਰਾਂ
ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਕਾਰਜ ਹੁਣ ਅੰਤਿਮ ਪੜਾਅ ਵਿੱਚ ਪਹੁੰਚ ਚੁੱਕੇ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੁੱਧਵਾਰ ਨੂੰ ਸਟੇਸ਼ਨ ਦਾ ਦੌਰਾ ਕਰਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰੇਲਵੇ ਅਧਿਕਾਰੀਆਂ ਨਾਲ ਪ੍ਰਗਤੀ ਦੀ ਸਮੀਖਿਆ ਕੀਤੀ। ਲਗਭਗ 98.89 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਇਸ ਅਤਿ-ਆਧੁਨਿਕ ਸਟੇਸ਼ਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲਦ ਕੀਤੇ ਜਾਣ ਦੀ ਸੰਭਾਵਨਾ ਹੈ।
ਦੌਰੇ ਦੌਰਾਨ ਬਿੱਟੂ ਨੇ ਰੇਲਵੇ ਬੋਰਡ ਦੇ ਸੀਨੀਅਰ ਅਧਿਕਾਰੀਆਂ ਅਤੇ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਬਾਕੀ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਦਘਾਟਨ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਰੇਲਵੇ ਵਿਭਾਗ, ਸਥਾਨਕ ਪ੍ਰਸ਼ਾਸਨ ਅਤੇ ਭਾਜਪਾ ਸੰਗਠਨ ਮਿਲ ਕੇ ਸਾਰੇ ਪ੍ਰਬੰਧ ਕਰ ਰਹੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਲਈ ਮਾਣ ਵਾਲੀ ਗੱਲ ਹੋਵੇਗੀ। ਉਨ੍ਹਾਂ ਦੱਸਿਆ ਕਿ 17 ਤਾਰੀਖ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ ਤਾਂ ਜੋ ਉਦਘਾਟਨ ਸਮਾਗਮ ਸਫ਼ਲਤਾਪੂਰਵਕ ਕਰਵਾਇਆ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਵੱਡੇ ਪ੍ਰੋਜੈਕਟਾਂ ਵਿੱਚ ਸ਼ੁਰੂਆਤੀ ਪੱਧਰ 'ਤੇ ਕੁਝ ਛੋਟੀਆਂ ਕਮੀਆਂ ਆਉਣਾ ਸੁਭਾਵਿਕ ਹੁੰਦਾ ਹੈ, ਪਰ ਉਦਘਾਟਨ ਤੋਂ ਪਹਿਲਾਂ ਉਨ੍ਹਾਂ ਨੂੰ ਦੂਰ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਬਿੱਟੂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ ਕਰੀਬ 1,500 ਪੁਰਾਣੇ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦੇ ਤਹਿਤ ਹੀ ਇੱਕ ਸਦੀ ਤੋਂ ਵੱਧ ਪੁਰਾਣੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਵੀ ਵਿਸ਼ਵ ਪੱਧਰੀ ਸਹੂਲਤਾਂ ਨਾਲ ਨਵੇਂ ਰੂਪ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ।
Get all latest content delivered to your email a few times a month.