ਤਾਜਾ ਖਬਰਾਂ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਜਲੰਧਰ ਦੇ ਨਾਰੀ ਨਿਕੇਤਨ ਦਾ ਦੌਰਾ ਕਰਕੇ ਸੰਸਥਾ ਵਿੱਚ ਚੱਲ ਰਹੇ ਪ੍ਰਬੰਧਾਂ ਅਤੇ ਸਮਾਜ ਸੇਵਾ ਦੇ ਕੰਮਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਸੰਸਥਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਦੇ ਲੋੜਵੰਦ ਵਰਗਾਂ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ‘ਸਤਲੁਜ’ ਫ਼ਿਲਮ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਦੋਵਾਂ ‘ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਸੂਬੇ ਨਾਲ ਜੁੜੇ ਇਤਿਹਾਸਕ ਅਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਕਿਸ ਪੱਖ ਨਾਲ ਖੜ੍ਹੀ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਇਸ ਵਿਵਾਦ ਦੀ ਆੜ ਵਿੱਚ ਕਾਂਗਰਸ ਦੇ ਪੁਰਾਣੇ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਨਿਸ਼ਾਨਾ ਸਾਧਦਿਆਂ ਸਿਸੋਦੀਆ ਨੇ ਕਿਹਾ ਕਿ ਉਹ ਪਹਿਲਾਂ ਕਾਂਗਰਸ ਦਾ ਹਿੱਸਾ ਰਹੇ ਹਨ ਅਤੇ ਹੁਣ ਭਾਜਪਾ ਵਿੱਚ ਹਨ। ਉਨ੍ਹਾਂ ਕਿਹਾ ਕਿ ਕਿਸੇ ਫ਼ਿਲਮ ਦੇ ਕਿਰਦਾਰਾਂ ਜਾਂ ਇਤਿਹਾਸਕ ਤੱਥਾਂ ਨੂੰ ਲੈ ਕੇ ਝੂਠਾ ਪ੍ਰਚਾਰ ਕਰਨ ਨਾਲ ਹਕੀਕਤ ਨਹੀਂ ਬਦਲੀ ਜਾ ਸਕਦੀ। ਉਨ੍ਹਾਂ ਨੇ ਦੋਵਾਂ ਰਾਸ਼ਟਰੀ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਜਵਾਬਦੇਹ ਬਣਨ ਦੀ ਨਸੀਹਤ ਦਿੱਤੀ।
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਬਾਰੇ ਪੁੱਛੇ ਸਵਾਲ ‘ਤੇ ਸਿਸੋਦੀਆ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਪਸੀ ਵਿਵਾਦ ਨਾਲ ਆਮ ਆਦਮੀ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕ ਕਾਂਗਰਸ ਨੂੰ ਇੱਕ ਅਜਿਹੀ ਪਾਰਟੀ ਵਜੋਂ ਦੇਖ ਰਹੇ ਹਨ ਜੋ ਆਪਣੇ ਹੀ ਅੰਦਰੂਨੀ ਵਿਵਾਦਾਂ ਵਿੱਚ ਉਲਝੀ ਹੋਈ ਹੈ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਰਟੀ ਇਸ ਵੇਲੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ‘ਤੇ ਬਣਿਆ ਰਹੇਗਾ।
ਅੰਤ ਵਿੱਚ ਸਿਸੋਦੀਆ ਨੇ ਕਿਹਾ ਕਿ ਨਾਰੀ ਨਿਕੇਤਨ ਵਰਗੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਇਨ੍ਹਾਂ ਦੇ ਕੰਮਾਂ ਨੂੰ ਹਰ ਪੱਖੋਂ ਉਤਸ਼ਾਹ ਅਤੇ ਸਹਿਯੋਗ ਮਿਲਣਾ ਚਾਹੀਦਾ ਹੈ।
Get all latest content delivered to your email a few times a month.