IMG-LOGO
ਹੋਮ ਪੰਜਾਬ: ਖੰਨਾ 'ਚ ਮਨਰੇਗਾ ਕਰਮਚਾਰੀਆਂ ਦੇ ਪ੍ਰਦਰਸ਼ਨ ਦੌਰਾਨ ਲਾਠੀਚਾਰਜ, ਮਹਿਲਾਵਾਂ ਸਮੇਤ...

ਖੰਨਾ 'ਚ ਮਨਰੇਗਾ ਕਰਮਚਾਰੀਆਂ ਦੇ ਪ੍ਰਦਰਸ਼ਨ ਦੌਰਾਨ ਲਾਠੀਚਾਰਜ, ਮਹਿਲਾਵਾਂ ਸਮੇਤ ਕਈ ਜ਼ਖਮੀ

Admin User - Jul 15, 2026 08:01 PM
IMG

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਬੁੱਧਵਾਰ ਨੂੰ ਮਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਰਾਜ ਪੱਧਰੀ ਪ੍ਰਦਰਸ਼ਨ ਦੌਰਾਨ ਹਾਲਾਤ ਉਸ ਵੇਲੇ ਤਣਾਅਪੂਰਨ ਹੋ ਗਏ, ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਹਿਲਾਂ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਬਾਅਦ ਵਿੱਚ ਲਾਠੀਚਾਰਜ ਕੀਤਾ। ਇਸ ਕਾਰਵਾਈ ਵਿੱਚ ਕਈ ਕਰਮਚਾਰੀ ਜ਼ਖਮੀ ਹੋਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਮਹਿਲਾ ਕਰਮਚਾਰੀਆਂ ਦੀ ਵੀ ਦੱਸੀ ਜਾ ਰਹੀ ਹੈ।

ਮਨਰੇਗਾ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿੱਚ ਇਕੱਠੇ ਹੋਏ ਸਨ। ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਸੇਵਾਵਾਂ ਨੂੰ ਨਿਯਮਤ (ਰੈਗੂਲਰ) ਕਰਨਾ ਅਤੇ ਕਈ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਦਾ ਤੁਰੰਤ ਭੁਗਤਾਨ ਸ਼ਾਮਲ ਸੀ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਰਮਚਾਰੀ ਇਸ ਧਰਨੇ ਵਿੱਚ ਸ਼ਾਮਲ ਹੋਏ।

ਮੀਟਿੰਗ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਦੀ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕੀਤਾ। ਮੰਤਰੀ ਦੇ ਘਰ ਦੇ ਬਾਹਰ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸੀ ਅਤੇ ਸੜਕ 'ਤੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ। ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋ ਗਈ।

ਸਥਿਤੀ ਵਿਗੜਣ 'ਤੇ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਪਹਿਲਾਂ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਫਿਰ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਅਤੇ ਮੌਕੇ 'ਤੇ ਭਗਦੜ ਵਰਗੇ ਹਾਲਾਤ ਬਣ ਗਏ। ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਉਹ ਆਪਣੀਆਂ ਮੰਗਾਂ ਮੰਤਰੀ ਤੱਕ ਸ਼ਾਂਤਮਈ ਢੰਗ ਨਾਲ ਪਹੁੰਚਾਉਣਾ ਚਾਹੁੰਦੇ ਸਨ, ਪਰ ਪੁਲਿਸ ਨੇ ਬਿਨਾਂ ਲੋੜ ਤਾਕਤ ਦੀ ਵਰਤੋਂ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਪੇਂਡੂ ਵਿਕਾਸ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਅਤੇ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਘਟਨਾ ਤੋਂ ਬਾਅਦ ਸਿਆਸੀ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਈਆਂ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਸਰਕਾਰ 'ਤੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਦੀ ਮਜ਼ਦੂਰੀ ਮੰਗ ਰਹੇ ਮਨਰੇਗਾ ਕਰਮਚਾਰੀਆਂ 'ਤੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਕੀਤਾ ਗਿਆ, ਜੋ ਨਿੰਦਣਯੋਗ ਹੈ।

ਉੱਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਵਕ ਆਪਣੀਆਂ ਬਕਾਇਆ ਤਨਖਾਹਾਂ ਦੀ ਮੰਗ ਕਰ ਰਹੇ ਮਜ਼ਦੂਰਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੋ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਮਾਇਤੀ ਦੱਸਦੀ ਹੈ, ਉਹੀ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਤਾਕਤ ਦੀ ਵਰਤੋਂ ਕਰ ਰਹੀ ਹੈ।

ਫਿਲਹਾਲ ਇਸ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ, ਜਦਕਿ ਮਨਰੇਗਾ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦੇ ਸੰਕੇਤ ਦੇ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.