ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਭਾਵੇਂ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਪਰ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ ਅਤੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ, ਮਾਨਸਾ ਸ਼ਹਿਰ ਦੇ ਵਾਰਡ ਨੰਬਰ 21 ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਦੀ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਮੌਤ ਹੋ ਗਈ। ਇਸੇ ਤਰ੍ਹਾਂ ਮਾਨਸਾ ਦੇ ਪਿੰਡ ਖਿਆਲਾ ਦੇ 24 ਸਾਲਾ ਨੌਜਵਾਨ ਮਲਕੀਤ ਸਿੰਘ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਚਲੀ ਗਈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮਾਨਸਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ।
ਹਰਪ੍ਰੀਤ ਸਿੰਘ ਦੀ ਮਾਤਾ ਨੇ ਦੋਸ਼ ਲਗਾਇਆ ਕਿ ਮਾਨਸਾ ਸ਼ਹਿਰ ਵਿੱਚ ਨਸ਼ੇ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਪੁੱਤਰ ਨਸ਼ੇ ਦੀ ਲਪੇਟ ਵਿੱਚ ਆ ਗਿਆ ਅਤੇ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਦੀ ਪਤਨੀ ਨੇ ਵੀ ਕਿਹਾ ਕਿ ਸ਼ਹਿਰ ਵਿੱਚ ਨਸ਼ਾ ਵੇਚਣ ਵਾਲੇ ਬੇਖੌਫ਼ ਘੁੰਮ ਰਹੇ ਹਨ, ਜਦਕਿ ਨੌਜਵਾਨ ਹਰ ਰੋਜ਼ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਤਸਕਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਦੂਜੇ ਪਾਸੇ, ਮਲਕੀਤ ਸਿੰਘ ਦੇ ਚਾਚਾ ਪ੍ਰਗਟ ਸਿੰਘ ਨੇ ਵੀ ਇਲਾਕੇ ਵਿੱਚ ਨਸ਼ੇ ਦੀ ਖੁੱਲ੍ਹੇਆਮ ਵਿਕਰੀ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਘਾਟ ਕਾਰਨ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
Get all latest content delivered to your email a few times a month.