ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੜ੍ਹ ਰਹੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਲਈ ਮਹੱਤਵਪੂਰਨ ਅਪੀਲ ਜਾਰੀ ਕੀਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਬਕਾਇਆ ਰਕਮ ਅਜੇ ਤੱਕ ਜਾਰੀ ਨਹੀਂ ਹੋਈ, ਉਹ 15 ਅਗਸਤ, 2026 ਤੋਂ ਪਹਿਲਾਂ ਆਪਣੇ ਚਾਲੂ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ (ਆਧਾਰ ਸੀਡਿੰਗ) ਜ਼ਰੂਰ ਕਰਵਾਉਣ। ਇਸ ਤੋਂ ਬਿਨਾਂ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਸਕਾਲਰਸ਼ਿਪ ਦੀ ਰਕਮ ਉਨ੍ਹਾਂ ਦੇ ਖਾਤੇ ਵਿੱਚ ਟਰਾਂਸਫਰ ਨਹੀਂ ਹੋ ਸਕੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਕਾਲਰਸ਼ਿਪ ਦੀ ਅਦਾਇਗੀ ਪੂਰੀ ਤਰ੍ਹਾਂ ਡੀ.ਬੀ.ਟੀ. ਪ੍ਰਣਾਲੀ ਰਾਹੀਂ ਕੀਤੀ ਜਾਂਦੀ ਹੈ ਅਤੇ ਇਹ ਰਕਮ ਸਿਰਫ਼ ਉਸੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ ਜੋ ਵਿਦਿਆਰਥੀ ਦੇ ਆਧਾਰ ਨਾਲ ਲਿੰਕ ਹੋਵੇ। ਜਿਨ੍ਹਾਂ ਵਿਦਿਆਰਥੀਆਂ ਦੇ ਖਾਤੇ ਅਜੇ ਤੱਕ ਆਧਾਰ ਨਾਲ ਸੀਡ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਆਪਣੀ ਸਕਾਲਰਸ਼ਿਪ ਦੀ ਰਕਮ ਪ੍ਰਾਪਤ ਨਹੀਂ ਕਰ ਸਕਣਗੇ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਉਹਨਾਂ ਵਿਦਿਆਰਥੀਆਂ ਦੀਆਂ ਸੂਚੀਆਂ, ਜਿਨ੍ਹਾਂ ਦੀ ਸਕਾਲਰਸ਼ਿਪ ਸਿਰਫ਼ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਨਾਮ ਸੂਚੀ ਵਿੱਚ ਚੈੱਕ ਕਰਨ, ਆਪਣੇ ਬੈਂਕ ਖਾਤੇ ਦੀ ਸਥਿਤੀ ਦੀ ਪੁਸ਼ਟੀ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਆਪਣੇ ਬੈਂਕ ਨਾਲ ਸੰਪਰਕ ਕਰਕੇ ਆਧਾਰ ਸੀਡਿੰਗ ਦੀ ਪ੍ਰਕਿਰਿਆ ਪੂਰੀ ਕਰਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ਼ ਤਕਨੀਕੀ ਜਾਂ ਦਫ਼ਤਰੀ ਕਮੀ ਕਾਰਨ ਸਕਾਲਰਸ਼ਿਪ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜਿਕ ਸਸ਼ਕਤੀਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ ਅਤੇ ਹਰ ਵਜ਼ੀਫ਼ਾ ਇੱਕ ਵਿਦਿਆਰਥੀ ਦੇ ਭਵਿੱਖ ਵਿੱਚ ਨਿਵੇਸ਼ ਹੈ, ਜੋ ਉਸ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਰਥਿਕ ਮਦਦ ਪ੍ਰਦਾਨ ਕਰਦਾ ਹੈ।
ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਖਰੀ ਮਿਤੀ ਦੀ ਉਡੀਕ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ 15 ਅਗਸਤ ਤੋਂ ਪਹਿਲਾਂ ਹੀ ਆਧਾਰ ਸੀਡਿੰਗ ਦੀ ਪ੍ਰਕਿਰਿਆ ਮੁਕੰਮਲ ਕਰ ਲੈਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਸਮੇਂ ਤੱਕ ਆਧਾਰ ਨਾਲ ਬੈਂਕ ਖਾਤਾ ਲਿੰਕ ਨਾ ਕਰਵਾਉਣ ਵਾਲੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਅਦਾਇਗੀ ਵਿੱਚ ਦੇਰੀ ਜਾਂ ਰੁਕਾਵਟ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ।
ਅੰਤ ਵਿੱਚ ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਹਰੇਕ ਯੋਗ ਐਸ.ਸੀ. ਵਿਦਿਆਰਥੀ ਤੱਕ ਸਕਾਲਰਸ਼ਿਪ ਦੀ ਰਕਮ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਨਿਰਧਾਰਤ ਸਮੇਂ ਅੰਦਰ ਆਧਾਰ ਸੀਡਿੰਗ ਕਰਵਾਉਣ ਦੀ ਅਪੀਲ ਕੀਤੀ ਹੈ।
Editor in Chief
ਕੱਪੜ ਛਾਣ
Get all latest content delivered to your email a few times a month.