ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ ਕਰ ਦਿੱਤਾ ਹੈ। ਇਸ ਸੰਬੰਧੀ ਜਥੇਬੰਦੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਫੈਸਲਾ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਲਿਆ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।
ਵਡਾਲਾ ਨੇ ਦੋਸ਼ ਲਗਾਇਆ ਕਿ ਇਕਬਾਲ ਸਿੰਘ ਝੂੰਦਾਂ ਪਹਿਲਾਂ ਵੀ ਪਾਰਟੀ ਅਨੁਸ਼ਾਸਨ ਦੇ ਉਲਟ ਆਪਣੇ ਪੱਧਰ 'ਤੇ ਮੀਟਿੰਗਾਂ ਕਰਦੇ ਰਹੇ ਹਨ, ਜਿਨ੍ਹਾਂ ਰਾਹੀਂ ਆਗੂਆਂ ਅਤੇ ਵਰਕਰਾਂ ਵਿੱਚ ਗੁੰਮਰਾਹੀ ਫੈਲਾਉਣ ਅਤੇ ਜਥੇਬੰਦੀ ਅੰਦਰ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਝੂੰਦਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਹੋਰ ਪੰਥਕ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਵੀ ਜਥੇਬੰਦੀ ਦੀ ਮਨਜ਼ੂਰੀ ਤੋਂ ਬਿਨਾਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪਾਰਟੀ ਪਹਿਲਾਂ ਹੀ ਵੱਖ-ਵੱਖ ਪੰਥਕ ਧਿਰਾਂ ਨਾਲ ਏਕਤਾ ਲਈ ਇੱਕ ਤਾਲਮੇਲ ਕਮੇਟੀ ਬਣਾਈ ਹੋਈ ਹੈ, ਜੋ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਰਹੀ ਹੈ। ਅਜਿਹੇ ਵਿੱਚ ਝੂੰਦਾਂ ਵੱਲੋਂ ਇਸ ਕਮੇਟੀ ਤੋਂ ਬਾਹਰ ਹੋ ਕੇ ਕੀਤੀ ਗਈ ਪਹਿਲ ਨੂੰ ਪਾਰਟੀ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਲਈ ਨੁਕਸਾਨਦਾਇਕ ਮੰਨਿਆ ਗਿਆ।
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਵਰਚੁਅਲ ਮੀਟਿੰਗ ਵਿੱਚ ਅਨੁਸ਼ਾਸਨੀ ਕਮੇਟੀ ਨੇ ਝੂੰਦਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
Get all latest content delivered to your email a few times a month.