IMG-LOGO
ਹੋਮ ਪੰਜਾਬ: ਗਿਆਨੀ ਹਰਪ੍ਰੀਤ ਸਿੰਘ ਦੀ ਚਿੱਠੀ ਨਾਲ ਸਿੱਖ ਸਿਆਸਤ 'ਚ ਹਲਚਲ,...

ਗਿਆਨੀ ਹਰਪ੍ਰੀਤ ਸਿੰਘ ਦੀ ਚਿੱਠੀ ਨਾਲ ਸਿੱਖ ਸਿਆਸਤ 'ਚ ਹਲਚਲ, ਮਨਪ੍ਰੀਤ ਇਆਲੀ 'ਤੇ AAP ਨਾਲ ਨੇੜਤਲੇ ਸਬੰਧਾਂ ਦੇ ਦੋਸ਼

Admin User - Jul 21, 2026 10:15 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਿਖੀ ਇੱਕ ਚਿੱਠੀ ਸਾਹਮਣੇ ਆਉਣ ਤੋਂ ਬਾਅਦ ਸਿੱਖ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਬੀਬੀ ਸਤਵੰਤ ਕੌਰ ਨੂੰ ਸੰਬੋਧਿਤ ਇਸ ਚਿੱਠੀ ਨੂੰ ਜਨਤਕ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਸਾਬਕਾ ਆਗੂ ਮਨਪ੍ਰੀਤ ਸਿੰਘ ਇਆਲੀ 'ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਚਿੱਠੀ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਮਨਪ੍ਰੀਤ ਸਿੰਘ ਇਆਲੀ ਨੇ ਪੰਥਕ ਏਕਤਾ ਨੂੰ ਨੁਕਸਾਨ ਪਹੁੰਚਾਇਆ ਅਤੇ ਉਹ ਆਮ ਆਦਮੀ ਪਾਰਟੀ ਦੇ ਪ੍ਰਭਾਵ ਜਾਂ ਡਰ ਹੇਠ ਕੰਮ ਕਰਦੇ ਰਹੇ। ਉਨ੍ਹਾਂ ਇਆਲੀ ਨੂੰ AAP ਦਾ "ਹੱਥਠੋਕਾ" ਕਰਾਰ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਅੰਦਰੂਨੀ ਗਤੀਵਿਧੀਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਰਹੇ।


ਗਿਆਨੀ ਹਰਪ੍ਰੀਤ ਸਿੰਘ ਦੇ ਅਨੁਸਾਰ, ਮਨਪ੍ਰੀਤ ਇਆਲੀ ਖੁਦ ਪੁਨਰ ਸੁਰਜੀਤ ਅਕਾਲੀ ਦਲ ਦੀ ਪ੍ਰਧਾਨਗੀ ਹਾਸਲ ਕਰਨਾ ਚਾਹੁੰਦੇ ਸਨ ਅਤੇ ਕੁਝ ਹੋਰ ਆਗੂਆਂ ਨਾਲ ਮਿਲ ਕੇ ਪਾਰਟੀ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪਾਰਟੀ ਦੀ ਭਰਤੀ ਨਾਲ ਸੰਬੰਧਿਤ ਡਾਟਾ ਇਆਲੀ ਆਪਣੇ ਨਾਲ ਲੈ ਗਏ ਅਤੇ ਉਨ੍ਹਾਂ ਖ਼ਿਲਾਫ਼ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾਂਦੀਆਂ ਰਹੀਆਂ।


ਚਿੱਠੀ ਵਿੱਚ ਪੰਜ ਮੈਂਬਰੀ ਕਮੇਟੀ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਏ ਗਏ ਹਨ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ 'ਵਾਰਿਸ ਪੰਜਾਬ ਦੇ' ਨਾਲ ਹੋਈਆਂ ਕੁਝ ਮੀਟਿੰਗਾਂ ਦੌਰਾਨ ਮਨਪ੍ਰੀਤ ਇਆਲੀ ਦੇ ਨਾਲ ਇੱਕ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਹੁੰਦਾ ਸੀ।


ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਇਆਲੀ ਨੇ ਇਸ ਸਾਲ ਮਈ ਮਹੀਨੇ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫਾ ਉਸੇ ਦਿਨ ਸਾਹਮਣੇ ਆਇਆ ਸੀ, ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਲੁਧਿਆਣਾ ਦੌਰੇ 'ਤੇ ਮੌਜੂਦ ਸਨ। ਹਾਲਾਂਕਿ, ਇਨ੍ਹਾਂ ਦੋਸ਼ਾਂ 'ਤੇ ਮਨਪ੍ਰੀਤ ਸਿੰਘ ਇਆਲੀ ਵੱਲੋਂ ਹਾਲੇ ਤੱਕ ਕੋਈ ਜਨਤਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.